India

ਐੱਫ ਆਈ ਆਰ ਮਾਮਲਾ: ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਪੁਲੀਸ ਦੇ 3 ਅਧਿਕਾਰੀਆਂ ਨੂੰ ਨੋਟਿਸ ਜਾਰੀ

ਐੱਫ ਆਈ ਆਰ ਮਾਮਲਾ: ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਪੁਲੀਸ ਦੇ 3 ਅਧਿਕਾਰੀਆਂ ਨੂੰ ਨੋਟਿਸ ਜਾਰੀ
  • PublishedJanuary 10, 2026

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ ਚੋਟੀ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਮਾਮਲੇ ਵਿੱਚ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।

ਗੁਪਤਾ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਇਹ ਨੋਟਿਸ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀ.ਜੀ.ਪੀ.), ਸਪੈਸ਼ਲ ਡੀ.ਜੀ.ਪੀ. (ਸਾਈਬਰ ਕ੍ਰਾਈਮ) ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ “ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ” ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਕਿ ਦਿੱਲੀ ਵਿਧਾਨ ਸਭਾ ਦੀ ਜਾਇਦਾਦ ਹੈ, ਅਤੇ ਉਸ ਦੇ ਆਧਾਰ ‘ਤੇ ਪੰਜਾਬ ਪੁਲਿਸ ਵੱਲੋਂ ਐੱਫ ਆਈ ਆਰ ਦਰਜ ਕਰਨਾ ਮੰਦਭਾਗਾ ਹੈ ਅਤੇ ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ।

ਗੁਪਤਾ ਅਨੁਸਾਰ ਪੰਜਾਬ ਪੁਲੀਸ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਉਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਤੈਅ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੀ ਵੀਡੀਓ ਰਿਕਾਰਡਿੰਗ ਦੀ ਕਲਿੱਪ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਭਾਜਪਾ ਦੇ ਕਈ ਵਿਧਾਇਕਾਂ ਦੁਆਰਾ ਇਹ ਦੋਸ਼ ਲਗਾਉਂਦੇ ਹੋਏ ਵਰਤੀ ਗਈ ਸੀ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਪਿਛਲੇ ਸਾਲ ਨਵੰਬਰ ਵਿੱਚ ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਪ੍ਰੋਗਰਾਮ ‘ਤੇ ਮੰਗਲਵਾਰ ਨੂੰ ਹੋਈ ਬਹਿਸ ਦੌਰਾਨ ਗੁਰੂ ਤੇਗ ਬਹਾਦਰ ਜੀ ਦਾ ਅਪਮਾਨ ਕੀਤਾ ਸੀ।