ਖ਼ਰਾਬ ਮੌਸਮ ਦੀ ਮਾਰ ਹੇਠ ਆਏ ਕਿਸਾਨਾਂ ਲਈ ਰਾਹਤ: ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਹੋਈ ਬੇਮੌਸਮੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਪੱਕੀ ਫਸਲ ਦੇ ਹੋਏ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲੀ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਮੁਆਵਜ਼ਾ ਦੇਵੇਗੀ ।
ਦੱਸਣਯੋਗ ਹੈ ਕਿ ਪੰਜਾਬ ਦੇ ਖ਼ਾਸ ਕਰਕੇ ਮਾਲਵਾ ਖ਼ਿੱਤੇ ਵਿੱਚ 30-31 ਮਾਰਚ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਭਾਰੀ ਨੁਕਸਾਨ ਹੋਇਆ ਹੈ ਅਤੇ ਇਸੇ ਤਰ੍ਹਾਂ ਮਾਝੇ ਅਤੇ ਦੁਆਬਾ ਖੇਤਰ ਵਿੱਚ ਵੀ ਕੁਦਰਤ ਨੇ ਫਸਲਾਂ ਨੂੰ ਮਾਰ ਪਾਈ ਹੈ ।
ਖੇਤੀ ਮਹਿਕਮੇ ਅਨੁਸਾਰ ਪੰਜਾਬ ਵਿੱਚ ਕਰੀਬ ਇਕ ਲੱਖ ਏਕੜ ਤੋਂ ਵੱਧ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ । ਮੌਸਮ ਦੇ ਬਦਲੇ ਮਿਜ਼ਾਜ ਕਾਰਨ ਕਣਕ ਦੀ ਵਾਢੀ ਵੀ ਲੇਟ ਹੋਣਾ ਸੁਭਾਵਿਕ ਹੈ।ਕਿਸਾਨਾਂ ਲਈ ਖ਼ਤਰਾ ਹਾਲੇ ਟਲਿਆ ਨਹੀਂ ਹੈ ।ਪੰਜਾਬ ਵਿੱਚ ਸਭ ਤੋਂ ਵੱਧ ਫ਼ਸਲੀ ਨੁਕਸਾਨ ਜ਼ਿਲ੍ਹਾ ਮੁਕਤਸਰ, ਫਾਜ਼ਿਲਕਾ ਅਤੇ ਬਠਿੰਡਾ ਤੋਂ ਇਲਾਵਾ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਹੋਇਆ ਹੈ । ਫਸਲ ਦੀ ਪੈਦਾਵਾਰ ਤੇ ਵੀ ਅਸਰ ਪਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਵੀ ਦਿੱਕਤ ਆਵੇਗੀ ।