ਧਰਮਸਾਲਾ ਰੈਗਿੰਗ ਮਾਮਲਾ: ਕਾਲਜ ਦਾ ਅਧਿਆਪਕ ਮੁਅੱਤਲ
ਦਲਿਤ ਵਿਦਿਆਰਥੀ ਦੀ ਰੈਗਿੰਗ ਤੋਂ ਬਾਅਦ ਮੌਤ ਦੇ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ ਕਾਲਜ ਦੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇੱਕ ਜਾਂਚ ਕਮੇਟੀ ਬਣਾਈ ਹੈ ਜੋ ਸਾਰੇ ਪਹਿਲੂਆਂ ਦੀ ਜਾਂਚ ਕਰੇਗੀ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਯੂਜੀਸੀ ਐਂਟੀ-ਰੈਗਿੰਗ ਹੈਲਪਲਾਈਨ ਵੱਲੋਂ ਖੁਦ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਧਰਮਸ਼ਾਲਾ ਦੇ ਸਰਕਾਰੀ ਡਿਗਰੀ ਕਾਲਜ ਵਿੱਚ ਵਿਦਿਆਰਥੀ ਦੀ ਮੌਤ ਨਾਲ ਸਬੰਧਤ ਘਟਨਾ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਵੀ ਬਣਾ ਦਿੱਤੀ ਹੈ।
ਪੀੜਤ ਲੜਕੀ ਦੇ ਪਿਤਾ ਵਿਕਰਮ ਕੁਮਾਰ ਨੇ ਸਥਾਨਕ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ 19 ਸਾਲਾ ਬੇਟੀ ਸਰਕਾਰੀ ਡਿਗਰੀ ਕਾਲਜ, ਧਰਮਸ਼ਾਲਾ ਦੀ ਦੂਜੇ ਸਾਲ ਦੀ ਵਿਦਿਆਰਥਣ ਸੀ। ਉਨ੍ਹਾਂ ਦੋਸ਼ ਲਾਇਆ ਕਿ 18 ਸਤੰਬਰ, 2025 ਨੂੰ ਉਸੇ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਉਸ ਦੀ ਬੇਟੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਡਰਾਇਆ-ਧਮਕਾਇਆ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਕਾਲਜ ਦੇ ਇੱਕ ਪ੍ਰੋਫੈਸਰ ਨੇ ਉਨ੍ਹਾਂ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਸਨ।
ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਕਥਿਤ ਪ੍ਰੇਸ਼ਾਨੀ ਅਤੇ ਡਰਾਉਣ-ਧਮਕਾਉਣ ਤੋਂ ਬਾਅਦ ਉਸ ਦੀ ਬੇਟੀ ਬਹੁਤ ਡਰ ਗਈ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗੀ, ਜਿਸ ਕਾਰਨ ਉਸ ਦੀ ਸਿਹਤ ਬਹੁਤ ਜ਼ਿਆਦਾ ਵਿਗੜ ਗਈ। ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਉਸ ਦਾ ਇਲਾਜ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੀਤਾ ਗਿਆ ਕਿਉਂਕਿ ਉਸਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਇਸ ਤੋਂ ਬਾਅਦ ਲੜਕੀ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMC), ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿੱਥੇ 26 ਦਸੰਬਰ 2025 ਨੂੰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।