latest news Punjab

ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ: ਆਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਇਜਲਾਸ

ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ: ਆਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਇਜਲਾਸ
  • PublishedOctober 4, 2025

ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ 23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਗੁਰੂ ਤੇਗ਼ ਬਹਾਦਰ ਦਾ ਸ਼ਹੀਦੀ ਦਿਹਾੜਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਇਜਲਾਸ ਰਾਜਧਾਨੀ ਤੋਂ ਬਾਹਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੀਤੇ ਜਾਣ ਦਾ ਪ੍ਰਸਤਾਵ ਹੈ।

ਪੰਜਾਬ ਸਰਕਾਰ ਨੇ ਇੱਕ ਦਿਨਾ ਇਸ ਵਿਸ਼ੇਸ਼ ਇਜਲਾਸ ਦੀ ਤਿਆਰੀ ਆਰੰਭ ਦਿੱਤੀ ਹੈ ਅਤੇ ਇਜਲਾਸ ਦੀ ਸਰਕਾਰੀ ਤਜਵੀਜ਼ ’ਤੇ ਮੰਥਨ ਵਾਸਤੇ ਮੀਟਿੰਗਾਂ ਦਾ ਦੌਰ ਵੀ ਚੱਲ ਰਿਹਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਬਾਰੇ ਵਿਸ਼ੇਸ਼ ਮੀਟਿੰਗ ਸੱਦੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਮੁਤਾਬਕ ਵਿਧਾਨ ਸਭਾ ਦਾ ਇਜਲਾਸ ਕਿਧਰੇ ਵੀ ਹੋ ਸਕਦਾ ਹੈ ਅਤੇ ਰਾਜਪਾਲ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਇਹ ਇਜਲਾਸ ਸੱਦਣ ਦੀ ਤਿਆਰੀ ਵਿੱਚ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਸਬੰਧੀ ਇੱਕ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੱਦੀ ਹੈ, ਜਿਸ ਵਿੱਚ ਇਜਲਾਸ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਨਾਲ ਇਸ ਬਾਰੇ ਪੱਤਰਵਿਹਾਰ ਕੀਤਾ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਇਸ ਵਿਸ਼ੇਸ਼ ਇਜਲਾਸ ਲਈ ਦੂਸਰੇ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਅਹਿਮ ਸ਼ਖ਼ਸੀਅਤਾਂ ਨੂੰ ਵੀ ਸੱਦਾ ਦੇਵੇਗੀ। ਪੰਜਾਬ ਵਿਧਾਨ ਸਭਾ ਦੇ ਇਸ ਇਜਲਾਸ ਲਈ ਪ੍ਰੋਟੋਕਾਲ ਜਾਂ ਹੋਰ ਨੇਮਾਂ ਬਾਰੇ ਵੀ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਲਈ ਇਹ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੋਵੇਗਾ।