ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਅਸਾਮ ਪਹੁੰਚੀ ਪੰਜਾਬ ਪੁਲੀਸ
ਅੰਮ੍ਰਿਤਸਰ (ਦਿਹਾਤੀ) ਪੁਲੀਸ ਫਰਵਰੀ 2023 ਦੇ ਅਜਨਾਲਾ ਥਾਣਾ ਹਮਲੇ ਦੇ ਸਬੰਧ ਵਿੱਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ ) ਤਹਿਤ ਅੰਮ੍ਰਿਤਪਾਲ ਦੀ ਨਜ਼ਰਬੰਦੀ ਖ਼ਤਮ ਹੋਣ ਤੋਂ ਬਾਅਦ, ਉਸ ਨੂੰ 23 ਅਪਰੈਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ।
ਅੰਮ੍ਰਿਤਪਾਲ 23 ਅਪਰੈਲ, 2023 ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਜਦੋਂ ਉਸ ਨੂੰ ਹਿਰਾਸਤ ਵਿੱਚ ਲੈ ਕੇ ਐੱਨ ਐੱਸ ਏ (NSA) ਲਗਾਇਆ ਗਿਆ ਸੀ। ਉਸ ਦੇ ਸਾਥੀ ਪਪਲਪ੍ਰੀਤ ਸਿੰਘ, ਦਲਜੀਤ ਸਿੰਘ ਕਲਸੀ, ਕੁਲਵੰਤ ਸਿੰਘ, ਵਰਿੰਦਰ ਜੋਹਲ, ਗੁਰਮੀਤ ਸਿੰਘ ਬੁੱਕਣਵਾਲਾ, ਉਸ ਦੇ ਚਾਚਾ ਹਰਜੀਤ ਸਿੰਘ, ਬਸੰਤ ਸਿੰਘ, ਗੁਰਿੰਦਰ ਸਿੰਘ ਔਜਲਾ ਅਤੇ ਭਗਵੰਤ ਸਿੰਘ ਨੂੰ ਵੀ ਐੱਨ ਐੱਸ ਏ ਅਤੇ ਹੋਰ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਪਿਛਲੇ ਸਾਲ ਪੰਜਾਬ ਲਿਆਂਦਾ ਗਿਆ ਸੀ ਅਤੇ ਹੁਣ ਉਹ ਅਜਨਾਲਾ ਦੀ ਅਦਾਲਤ ਵਿੱਚ ਕੇਸ ਦਾ ਸਾਹਮਣਾ ਕਰ ਰਹੇ ਹਨ।