latest news Punjab

‘ਆਪ’ ਛੱਡਣ ਵਾਲੇ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਗੱਦਾਰੀ ਕੀਤੀ: Bhagwant Mann

‘ਆਪ’ ਛੱਡਣ ਵਾਲੇ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਗੱਦਾਰੀ ਕੀਤੀ: Bhagwant Mann
  • PublishedApril 24, 2026

ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜਦੋਂ ਵਿਰੋਧੀਆਂ ਨੂੰ ਉਨ੍ਹਾਂ ਦੇ ਖ਼ਿਲਾਫ਼ ਕੁਝ ਨਹੀਂ ਲੱਭਿਆ ਤਾਂ ਉਨ੍ਹਾਂ ਨੇ ‘ਆਪ’ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਅਜੇ ਵੀ ਪਾਰਟੀ ਦੇ ਨਾਲ ਹਨ ਅਤੇ ਉਹ ਮਜ਼ਬੂਤੀ ਨਾਲ ‘ਆਪ’ ਦੇ ਹੱਕ ਵਿੱਚ ਖੜ੍ਹੇ ਹਨ।

ਮੁੱਖ ਮੰਤਰੀ ਨੇ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਪੰਜਾਬ ਦੇ ‘ਗੱਦਾਰ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜੋ 6-7 ਲੋਕ ਪਾਰਟੀ ਛੱਡ ਕੇ ਗਏ ਹਨ, ਉਨ੍ਹਾਂ ਨਾਲ ਪੰਜਾਬ ਖ਼ਤਮ ਨਹੀਂ ਹੁੰਦਾ, ਕਿਉਂਕਿ ਪਾਰਟੀ ਕਿਸੇ ਵੀ ਵਿਅਕਤੀ ਨਾਲੋਂ ਵੱਡੀ ਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਡਾ ਜਥੇਬੰਦਕ ਢਾਂਚਾ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਇਨ੍ਹਾਂ ਲੋਕਾਂ ਦੇ ਜਾਣ ਨਾਲ ਪਾਰਟੀ ‘ਤੇ ਕੋਈ ਅਸਰ ਨਹੀਂ ਪਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਪੰਜਾਬ ਨਾਲ ਨਫ਼ਰਤ ਕਰਦੀ ਹੈ ਅਤੇ ਉਸ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਲਾਲਚ ਦੇ ਕੇ ਸੂਬੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਹੈ ਅਤੇ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਤੋਂ ਡਰੀ ਹੋਈ ਹੈ। ਮਾਨ ਨੇ ਕਿਹਾ, “ਪੰਜਾਬੀ ਉਨ੍ਹਾਂ ਨੂੰ ਨਫ਼ਰਤ ਕਰਦੇ ਹਨ ਜੋ ਉਨ੍ਹਾਂ ਨਾਲ ਧੋਖਾ ਕਰਦੇ ਹਨ।” ਉਨ੍ਹਾਂ ਕਿਹਾ ਕਿ ਲੋਕਾਂ ਨੇ ਸੁਖਪਾਲ ਖਹਿਰਾ, ਮਾਸਟਰ ਬਲਦੇਵ ਸਿੰਘ, ਕੰਵਰ ਸੰਧੂ ਅਤੇ ਜਗਦੇਵ ਕਮਾਲੂ ਨੂੰ ਉਦੋਂ ਸਬਕ ਸਿਖਾਇਆ ਸੀ ਜਦੋਂ ਉਨ੍ਹਾਂ ਨੇ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ।