ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇਪਾਲ ਵਿਚ ਸਿਆਸੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਨੇਪਾਲ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਤੇ ਸੋਸ਼ਲ ਮੀਡੀਆ ਐਪਲੀਕੇਸ਼ਨ ’ਤੇ ਪਾਬੰਦੀ ਤੋਂ ਬਾਅਦ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ ਤੇ ਅੱਜ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੰਸਦ ਭਵਨ ਵਿਚ ਦਾਖਲ ਹੋ ਗਏ। ਇਸ ਤੋਂ ਪਹਿਲਾਂ ਨੇਪਾਲ ਦੇ ਫੌਜ ਮੁਖੀ ਨੇ ਪ੍ਰਧਾਨ ਮੰਤਰੀ ਨੂੰ ਇਹ ਕਹਿੰਦਿਆਂ ਅਸਤੀਫਾ ਦੇਣ ਲਈ ਕਿਹਾ ਸੀ ਕਿ ਅਸਤੀਫਾ ਦੇਣ ਨਾਲ ਹਾਲਾਤ ਸੁਧਰ ਸਕਦੇ ਹਨ। ਇਸ ਤੋਂ ਪਹਿਲਾਂ ਓਲੀ ਸਰਕਾਰ ਦੇ ਤਿੰਨ ਮੰਤਰੀਆਂ ਨੇ ਵੀ ਅਸਤੀਫਾ ਦਿੱਤਾ ਸੀ ਤੇ ਵਿਰੋਧੀ ਪਾਰਟੀਆਂ ਵਲੋਂ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।
ਕਾਠਮੰਡੂ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਝਲਨਾਥ ਖਨਾਲ ਦੇ ਘਰ ‘ਤੇ ਹਮਲਾ ਕੀਤਾ। ਦੰਗਾਕਾਰੀਆਂ ਨੇ ਘਰ ਦੀ ਭੰਨਤੋੜ ਕੀਤੀ ਅਤੇ ਅੱਗ ਵੀ ਲਗਾ ਦਿੱਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਜਲਕਸ਼ਮੀ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਹੁਣ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਦਰਸ਼ਨਕਾਰੀਆਂ ਦੇ ਹਿੰਸਕ ਅੰਦੋਲਨ ਦਾ ਪ੍ਰਭਾਵ ਹੁਣ ਹਵਾਈ ਆਵਾਜਾਈ ‘ਤੇ ਵੀ ਦਿਖਾਈ ਦੇ ਰਿਹਾ ਹੈ। ਏਅਰ ਇੰਡੀਆ ਅਤੇ ਇੰਡੀਗੋ ਨੇ ਦਿੱਲੀ-ਕਾਠਮੰਡੂ-ਦਿੱਲੀ ਰੂਟ ‘ਤੇ ਉਡਾਣਾਂ ਰੱਦ ਕਰ ਦਿੱਤੀਆਂ। ਏਅਰ ਇੰਡੀਆ ਨੇ ਕਿਹਾ ਕਿ AI2231/2232, AI2219/2220, AI217/218 ਅਤੇ AI211/212 ਵਰਗੀਆਂ ਉਡਾਣਾਂ ਇਸ ਸਮੇਂ ਮੁਅੱਤਲ ਹਨ। ਕੰਪਨੀ ਨੇ ਕਿਹਾ ਕਿ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
ਇੰਡੀਗੋ ਨੇ ਸਾਰੀਆਂ ਉਡਾਣਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਏਅਰਲਾਈਨ ਨੇ X ‘ਤੇ ਸੂਚਿਤ ਕੀਤਾ ਕਿ ਯਾਤਰੀ ਇੱਕ ਵਿਕਲਪਿਕ ਉਡਾਣ ਚੁਣ ਸਕਦੇ ਹਨ ਜਾਂ ਰਿਫੰਡ ਦਾ ਦਾਅਵਾ ਕਰ ਸਕਦੇ ਹਨ। ਕੰਪਨੀ ਨੇ ਭਰੋਸਾ ਦਿੱਤਾ ਕਿ ਆਮ ਕੰਮਕਾਜ ਜਲਦੀ ਹੀ ਬਹਾਲ ਕਰ ਦਿੱਤਾ ਜਾਵੇਗਾ।