ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ Imran Khan ਜੇਲ੍ਹ ਤੋਂ ਨਿੱਜੀ ਹਸਪਤਾਲ ਤਬਦੀਲ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਲਾਜ ਲਈ ਸ਼ੁੱਕਰਵਾਰ ਤੜਕੇ ਅਡਿਆਲਾ ਜੇਲ੍ਹ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਮੀਡੀਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਖਾਨ ਨੂੰ ਇਸਲਾਮਾਬਾਦ ਦੇ ਸ਼ਿਫ਼ਾ ਇੰਟਰਨੈਸ਼ਨਲ ਹਸਪਤਾਲ ਵਿੱਚ ਅਦਾਲਤ ਦੇ 18 ਅਗਸਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਦਾਖ਼ਲ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਦੋ ਦਿਨਾਂ ਦੇ ਅੰਦਰ ਉੱਥੇ ਤਬਦੀਲ ਕੀਤਾ ਜਾਵੇ। ਅਦਾਲਤ ਵਿੱਚ ਪੇਸ਼ ਕੀਤੀ ਗਈ ਇੱਕ ਮੈਡੀਕਲ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਉਹ “ਲੈਵਲ ਥ੍ਰੀ ਪਲੱਸ” ਐਂਜ਼ਾਈਟੀ ਤੋਂ ਪੀੜਤ ਹਨ।
“ਲੈਵਲ ਥ੍ਰੀ ਪਲੱਸ” ਦਾ ਮਤਲਬ ਉੱਚ ਪੱਧਰ ਜਾਂ ਗੰਭੀਰ ਚਿੰਤਾ ਹੈ ਜਿੱਥੇ ਫ਼ਿਕਰ ਵਿਅਕਤੀ ਦੇ ਰੋਜ਼ਾਨਾ ਦੇ ਕੰਮਕਾਜ ਨੂੰ ਪ੍ਰਭਾਵਿਤ ਕਰਦਾ ਹੈ, ਤੀਬਰ ਸਰੀਰਕ ਤਣਾਅ ਪੈਦਾ ਕਰਦਾ ਹੈ ਅਤੇ ਸਪੱਸ਼ਟ ਤੌਰ ‘ਤੇ ਸੋਚਣ ਵਿੱਚ ਰੁਕਾਵਟ ਪਾਉਂਦਾ ਹੈ।
ਬੁਖਾਰੀ ਨੇ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਅਡਿਆਲਾ ਜੇਲ੍ਹ ਤੋਂ ਇਸਲਾਮਾਬਾਦ ਦੇ ਸ਼ਿਫ਼ਾ ਇੰਟਰਨੈਸ਼ਨਲ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।”
ਦੱਸਣਯੋਗ ਹੈ ਕਿ ਇਮਰਾਨ ਖਾਨ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਸਨ, ਜੋ ਕਿ ਇਸ ਛਾਉਣੀ ਵਾਲੇ ਸ਼ਹਿਰ ਦੇ ਬਾਹਰਵਾਰ ਇੱਕ ਨਜ਼ਰਬੰਦੀ ਕੇਂਦਰ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਸਮੇਤ ਕਈ ਦੋਸ਼ਾਂ ਹੇਠ 5 ਅਗਸਤ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਹਿਰਾਸਤ ਵਿੱਚ ਸਨ।