latest news World

ਪ੍ਰਕਾਸ਼ ਪੁਰਬ ਮਨਾਉਣ ਲਈ 2100 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ

ਪ੍ਰਕਾਸ਼ ਪੁਰਬ ਮਨਾਉਣ ਲਈ 2100 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੁੰਚਿਆ
  • PublishedNovember 4, 2025

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ, ਲਗਭਗ 2,100 ਭਾਰਤੀ ਸਿੱਖ ਸ਼ਰਧਾਲੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ ਹਨ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ, ਸਰਦਾਰ ਰਮੇਸ਼ ਸਿੰਘ ਅਰੋੜਾ (ਜੋ ਕਿ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਵੀ ਹਨ), ਨੇ ਸ਼ਰਧਾਲੂਆਂ ਦਾ ਸਵਾਗਤ ਕੀਤਾ।

ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਮੁਖੀ ਸਾਜਿਦ ਮਹਿਮੂਦ ਚੌਹਾਨ  ਅਤੇ ਵਧੀਕ ਸਕੱਤਰ ਸ਼੍ਰਾਈਨਜ਼ ਨਾਸਿਰ ਮੁਸ਼ਤਾਕ ਨੇ ਵੀ ਵਾਹਗਾ ਚੈੱਕ ਪੋਸਟ ’ਤੇ ਭਾਰਤੀ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ।

ਇਸ ਤੋਂ ਪਹਿਲਾਂ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਸੀ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ।

ਦੱਸ ਦੇਈਏ ਕਿ ਪਹਿਲਗਾਮ ਦਹਿਸ਼ਤੀ ਹਮਲੇ ਤੇ Operation Sindoor ਮਗਰੋਂ ਇਹ ਪਹਿਲਾ ਸਿੱਖ ਜਥਾ ਹੈ ਜਿਸ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 5 ਨਵੰਬਰ ਨੂੰ ਹੈ। ਇਸ ਸਾਲ ਕੇਂਦਰ ਸਰਕਾਰ ਨੇ ਸਿਰਫ਼ ਭਾਰਤੀ ਨਾਗਰਿਕਾਂ ਨੂੰ ਹੀ ਜਥੇ ਦਾ ਹਿੱਸਾ ਬਣਨ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ, ਗੈਰ-ਨਿਵਾਸੀ ਭਾਰਤੀਆਂ (ਐਨਆਰਆਈ) ਨੂੰ ਵੀ ਯਾਤਰਾ ਵਿੱਚ ਸ਼ਾਮਲ ਹੋਣ ਦੀ ਖੁੱਲ੍ਹ ਸੀ।

ਦੱਸਣ ਯੋਗ ਹੈ ਕਿ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਇਹ ਪਹਿਲਾ ਸਿੱਖ ਸ਼ਰਧਾਲੂਆਂ ਦਾ ਜੱਥਾ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹੁਣ ਤੱਕ ਅਟਾਰੀ-ਵਾਹਗਾ ਸਰਹੱਦ ਰਸਤੇ ਆਵਾਜਾਈ, ਵਪਾਰ ਅਤੇ ਹੋਰ ਗਤੀਵਿਧੀਆਂ ਬੰਦ ਸਨ।