ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ: NEET ਪ੍ਰੀਖਿਆਰਥੀਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ, ਲੈਕਚਰਾਰਾਂ ਤੇ JE ਦੀਆਂ ਭਰਤੀਆਂ ਨੂੰ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾਈ ਗਈ। ਇਸ ਦੌਰਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਚਰਚਾ ਕੀਤੀ ਗਈ ਅਤੇ ਕਈ ਅਹਿਮ ਫੈਸਲੇ ਲਏ ਗਏ।
ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਕੌਮੀ ਪੱਧਰ ਅਤੇ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਪੇਪਰ ਲੀਕ ਹੋ ਰਹੇ ਹਨ ਅਤੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਦੇਸ਼ ’ਚ 29 ਪੇਪਰ ਲੀਕ ਹੋਏ ਹਨ। ਕੁਝ ਦਿਨ ਪਹਿਲਾਂ ਨੀਟ (NEET) ਦਾ ਪੇਪਰ ਲੀਕ ਹੋਇਆ ਹੈ, ਜਿਸ ਕਰਕੇ ਕਈ ਥਾਵਾਂ ’ਤੇ ਬੱਚਿਆਂ ਨੇ ਖੁਦਕੁਸ਼ੀਆਂ ਕਰ ਲਈਆਂ ਹਨ। ਚੀਮਾ ਨੇ ਕਿਹਾ ਕਿ 20, 21 ਤੇ 22 ਜੂਨ ਨੂੰ ਦੁਬਾਰਾ ਨੀਟ ਦਾ ਪੇਪਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 20, 21 ਅਤੇ 22 ਜੂਨ ਨੂੰ ਨੀਟ (NEET) ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਤੋਂ ਸਰਕਾਰੀ ਬੱਸਾਂ ਵਿੱਚ ਕਿਰਾਇਆ ਨਹੀਂ ਲਿਆ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀ ਦੇ ਨਾਲ ਆਉਣ ਵਾਲੇ ਨਿਗਰਾਨ (ਮਾਪੇ/ਸਰਪ੍ਰਸਤ) ਦਾ ਵੀ ਕਿਰਾਇਆ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ 28 ਹਜ਼ਾਰ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਹਿੱਸਾ ਲੈਣਗੇ, ਜਿਨ੍ਹਾਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਲਾਭ ਮਿਲੇਗਾ।