ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 96 ਅਫਸਰਾਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ 8 ਆਈ ਏ ਐੱਸ ਅਤੇ 88 ਪੀ ਸੀ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਈ ਵਧੀਕ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਵੀ ਕੀਤੇ ਹਨ। ਪੀ ਸੀ ਐੱਸ ਅਧਿਕਾਰੀ ਚਾਰੂਮਿਤਾ ਨੂੰ ਬਹਾਲ ਕੀਤੇ ਜਾਣ ਮਗਰੋਂ ਸੰਯੁਕਤ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਚਾਰੂਮਿਤਾ ਨੂੰ ਕੁਝ ਮਹੀਨੇ ਪਹਿਲਾਂ ਮੁਅੱਤਲ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈ ਏ ਐੱਸ ਅਧਿਕਾਰੀ ਰਾਜਦੀਪ ਸਿੰਘ ਬਰਾੜ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਬਠਿੰਡਾ ਤੇ ਵਧੀਕ ਮੁੱਖ ਪ੍ਰਸ਼ਾਸਕ ਬਠਿੰਡਾ ਵਿਕਾਸ ਅਥਾਰਟੀ, ਰੁਬਿੰਦਰਜੀਤ ਸਿੰਘ ਬਰਾੜ ਨੂੰ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਪੂੰਜੀ ਪ੍ਰੋਤਸਾਹਨ ਬਿਊਰੋ ਅਤੇ ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਤੇ ਵਧੀਕ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਲਗਾਇਆ ਗਿਆ। ਆਈ ਏ ਐੱਸ ਅਧਿਕਾਰੀ ਦਿਵਿਆ ਪੀ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਲੰਧਰ, ਵਿਵੇਕ ਕੁਮਾਰ ਮੋਦੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ, ਕ੍ਰਿਸ਼ਨਾ ਪਾਲ ਰਾਜਪੂਤ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਫਿਰੋਜ਼ਪੁਰ, ਡੈਵੀ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ, ਕ੍ਰਿਤਿਕਾ ਗੋਇਲ ਨੂੰ ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਅਤੇ ਰਾਕੇਸ਼ ਕੁਮਾਰ ਮੀਨਾ ਨੂੰ ਸੰਯੁਕਤ ਕਮਿਸ਼ਨਰ ਨਗਰ ਨਿਗਮ ਨਿਗਮ ਬਠਿੰਡਾ ਲਗਾਇਆ ਗਿਆ ਹੈ।