latest news Punjab

ਮੋਹਾਲੀ ਕਬੱਡੀ ਖਿਡਾਰੀ ਕਤਲ ਕਾਂਡ: ਪੁਲੀਸ ਮੁਕਾਬਲੇ ਵਿੱਚ ਇੱਕ ਸ਼ੱਕੀ ਹਲਾਕ

ਮੋਹਾਲੀ ਕਬੱਡੀ ਖਿਡਾਰੀ ਕਤਲ ਕਾਂਡ: ਪੁਲੀਸ ਮੁਕਾਬਲੇ ਵਿੱਚ ਇੱਕ ਸ਼ੱਕੀ ਹਲਾਕ
  • PublishedDecember 17, 2025

ਮੋਹਾਲੀ ਵਿੱਚ ਇੱਕ 30 ਸਾਲਾ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਬੁੱਧਵਾਰ ਨੂੰ ਪੁਲੀਸ ਮੁਕਾਬਲੇ ਦੌਰਾਨ ਗੋਲੀ ਮਾਰ ਦਿੱਤੀ ਗਈ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ।

ਪੁਲੀਸ ਅਨੁਸਾਰ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆ ਦਾ ਰਹਿਣ ਵਾਲਾ ਹਰਪਿੰਦਰ ਉਰਫ਼ ਮਿੱਡੂ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ। ਇਸ ਕਾਰਵਾਈ ਵਿੱਚ ਦੋ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ’ਤੇ ਸੋਮਵਾਰ ਨੂੰ ਮੋਹਾਲੀ ਵਿੱਚ ਉਸ ਸਮੇਂ ਹਮਲਾ ਹੋਇਆ ਸੀ ਜਦੋਂ ਉਹ ਇੱਕ ਨਿੱਜੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ ਹਮਲਾਵਰ 30 ਬੋਰ ਦੇ ਹਥਿਆਰ ਨਾਲ ਗੋਲੀਆਂ ਚਲਾ ਕੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ ਸਨ। ਰਾਣਾ ਬਲਾਚੌਰੀਆ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪੁਲੀਸ ਨੇ ਹਰਪਿੰਦਰ ਦੀ ਗ੍ਰਿਫ਼ਤਾਰੀ ਨੂੰ ਇੱਕ ਵੱਡੀ ਸਫ਼ਲਤਾ ਦੱਸਿਆ ਸੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਦਿੰਦਿਆਂ ਪੁਲੀਸ ਨੇ ਦੱਸਿਆ ਕਿ ਮੁਕਾਬਲੇ ਤੋਂ ਬਾਅਦ ਦੋਸ਼ੀ ਨੂੰ ਕਾਬੂ ਕੀਤਾ ਗਿਆ ਸੀ। ਸ਼ੁਰੂਆਤੀ ਜਾਂਚ ਮੁਤਾਬਕ ਮਿੱਡੂ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲੀਸ ਨੇ ਇਸ ਕਤਲ ਕੇਸ ਵਿੱਚ ਦੋ ਹੋਰ ਸ਼ੂਟਰਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਵਿੱਚ ਆਦਿਤਿਆ ਕਪੂਰ ਉਰਫ਼ ਮੱਖਣ (ਅੰਮ੍ਰਿਤਸਰ) ਅਤੇ ਕਰਨ ਪਾਠਕ ਉਰਫ਼ ਡਿਫਾਲਟਰ ਕਰਨ (ਅੰਮ੍ਰਿਤਸਰ) ਸ਼ਾਮਲ ਹਨ।