latest news Punjab

ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ੀ ਖਿਲਾਫ ਕਾਨੂੰਨੀ ਕਾਰਵਾਈ ਦਾ ਫੈਸਲਾ

ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ੀ ਖਿਲਾਫ ਕਾਨੂੰਨੀ ਕਾਰਵਾਈ ਦਾ ਫੈਸਲਾ
  • PublishedJanuary 16, 2026

ਗੁਰੂ ਸਾਹਿਬਾਨ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ, ਜਿੱਥੇ ਉਸ ਖਿਲਾਫ ਇੱਕ ਨਿੰਦਾ ਮਤਾ ਵੀ ਪਾਸ ਕੀਤਾ ਗਿਆ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰਕੇ ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਸ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।