ਸੁਪਰੀਮ ਕੋਰਟ ਨੇ ਅੱਜ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਜੋ ਸੰਸਦ ਮੈਂਬਰ ਕੰਗਨਾ ਲਈ ਵੱਡਾ ਝਟਕਾ ਹੈ। ਕੰਗਨਾ ਰਣੌਤ ਨੇ ਲੰਘੇ ਕੱਲ੍ਹ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਬਠਿੰਡਾ ਦੀ ਅਦਾਲਤ ਵਿਚ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਕੰਗਨਾ ਨੇ ਸਿਰਫ਼ ਰੀਟਵੀਟ ਹੀ ਨਹੀਂ ਕੀਤਾ ਬਲਕਿ ਉਸ ’ਚ ਮਸਲਾ ਵੀ ਪਾਇਆ। ਬੈਂਚ ਨੇ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਕੰਗਨਾ ਰਣੌਤ ਦੀ ਪਟੀਸ਼ਨ ਰੱਦ ਹੋਣ ਨਾਲ ਹੁਣ ਬਠਿੰਡਾ ਦੇ ਜੁਡੀਸ਼ਲ ਮੈਜਿਸਟਰੇਟ (ਫ਼ਸਟ ਕਲਾਸ) ਦੀ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਦੀ ਸੁਣਵਾਈ ਲਈ ਰਾਹ ਪੱਧਰਾ ਹੋ ਗਿਆ ਹੈ। ਕੰਗਨਾ ਰਣੌਤ ਕੋਲ ਹੁਣ ਕੋਈ ਆਖ਼ਰੀ ਸਹਾਰਾ ਨਹੀਂ ਬਚਿਆ ਹੈ। ਇਸ ਤੋਂ ਪਹਿਲਾਂ ਕੰਗਨਾ ਰਣੌਤ ਦੀ ਪਟੀਸ਼ਨ ਪਹਿਲੀ ਅਗਸਤ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ। ਉਸ ਮਗਰੋਂ ਕੰਗਨਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।