India latest news

1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਅਪੀਲ ’ਤੇ ਜੁਲਾਈ ’ਚ ਸੁਣਵਾਈ ਕਰੇਗਾ ਸੁਪਰੀਮ ਕੋਰਟ

1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਅਪੀਲ ’ਤੇ ਜੁਲਾਈ ’ਚ ਸੁਣਵਾਈ ਕਰੇਗਾ ਸੁਪਰੀਮ ਕੋਰਟ
  • PublishedApril 24, 2026

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਉਸ ਪਟੀਸ਼ਨ ’ਤੇ ਜੁਲਾਈ ਵਿੱਚ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ, ਜਿਸ ਵਿੱਚ ਉਸ ਨੇ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਦੋਸ਼ੀ ਪਹਿਲਾਂ ਹੀ ਸੱਤ ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਕੱਟ ਚੁੱਕਾ ਹੈ। 80 ਸਾਲਾ ਸੱਜਣ ਕੁਮਾਰ 31 ਦਸੰਬਰ, 2018 ਤੋਂ ਜੇਲ੍ਹ ਵਿੱਚ ਹੈ, ਜਦੋਂ ਉਸ ਨੇ ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਤਮ ਸਮਰਪਣ ਕੀਤਾ ਸੀ।

ਇਹ ਮਾਮਲਾ ਦੱਖਣੀ-ਪੱਛਮੀ ਦਿੱਲੀ ਦੀ ਪਾਲਮ ਕਾਲੋਨੀ ਦੇ ਨਗਰ ਪਾਰਟ-1 ਇਲਾਕੇ ਨਾਲ ਸਬੰਧਤ ਹੈ, ਜਿੱਥੇ 1-2 ਨਵੰਬਰ 1984 ਨੂੰ ਪੰਜ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਰਾਜ ਨਗਰ ਪਾਰਟ-2 ਵਿੱਚ ਇੱਕ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਇਲਾਵਾ, 25 ਫਰਵਰੀ 2025 ਨੂੰ ਦਿੱਲੀ ਦੀ ਇੱਕ ਹੋਰ ਅਦਾਲਤ ਨੇ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਓ-ਪੁੱਤ ਦੇ ਕਤਲ ਦੇ ਮਾਮਲੇ ਵਿੱਚ ਵੀ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਅਦਾਲਤ ਵਿੱਚ ਸੱਜਣ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਜਸਟਿਸ ਜੇ.ਕੇ. ਮਾਹੇਸ਼ਵਰੀ ਅਤੇ ਜਸਟਿਸ ਅਤੁਲ ਐਸ. ਚਾਂਦੂਰਕਰ ਦੇ ਬੈਂਚ ਅੱਗੇ ਦਲੀਲ ਦਿੱਤੀ ਕਿ ਕੁਮਾਰ ਪਿਛਲੇ ਸੱਤ ਸਾਲਾਂ ਅਤੇ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੁਮਾਰ ਨੇ ਕਦੇ ਪੈਰੋਲ ਜਾਂ ਕਿਸੇ ਹੋਰ ਰਾਹਤ ਦੀ ਮੰਗ ਨਹੀਂ ਕੀਤੀ। ਵਕੀਲ ਨੇ ਭਾਵੁਕ ਪੱਖ ਰੱਖਦਿਆਂ ਕਿਹਾ ਕਿ ਸੱਜਣ ਕੁਮਾਰ ਦੀ ਪਤਨੀ ਦੀ ਸਿਹਤ ਬਹੁਤ ਖਰਾਬ ਹੈ ਅਤੇ ਉਹ ਹਿੱਲਣ-ਜੁਲਣ ਤੋਂ ਅਸਮਰੱਥ ਹੈ, ਜਿਸ ਕਾਰਨ ਕੁਮਾਰ ਤਿਹਾੜ ਜੇਲ੍ਹ ਜਾਣ ਤੋਂ ਬਾਅਦ ਇੱਕ ਵਾਰ ਵੀ ਆਪਣੀ ਪਤਨੀ ਨੂੰ ਨਹੀਂ ਮਿਲ ਸਕਿਆ।