latest news Punjab

328 ਸਰੂਪ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਾਬਕਾ ਆਡੀਟਰ ਕੋਹਲੀ ਗ੍ਰਿਫ਼ਤਾਰ

328 ਸਰੂਪ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਾਬਕਾ ਆਡੀਟਰ ਕੋਹਲੀ ਗ੍ਰਿਫ਼ਤਾਰ
  • PublishedJanuary 1, 2026

328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਵਾਸਤੇ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਅੱਜ ਚੰਡੀਗੜ੍ਹ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਇੰਟਰਨਲ ਆਡੀਟਰ ਸਤਿੰਦਰ ਸਿੰਘ ਕੋਹਲੀ ਨੂੰ ਕਾਬੂ ਕਰ ਲਿਆ ਹੈ। ਇਸ ਦਾ ਖੁਲਾਸਾ ‘ਆਪ’ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਮੀਡੀਆ ਨੂੰ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਚੰਡੀਗੜ੍ਹ ਵਿੱਚ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਉਸ ਨੂੰ ਸ਼ਹਿਰ ਦੇ ਇੱਕ ਹੋਟਲ ਤੋ ਗ੍ਰਿਫ਼ਤਾਰ ਕੀਤਾ।

ਇਸ ਮਾਮਲੇ ਵਿੱਚ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਕੇਸ ਦਰਜ ਕੀਤਾ ਸੀ ਅਤੇ ਇਸ ਮਾਮਲੇ ਦੀ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਹਨ ਅਤੇ ਐਲਓਸੀ ਵੀ ਜਾਰੀ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਬਾਦਲ ਪਰਿਵਾਰ ਦੇ ਕਾਰੋਬਾਰ ਦਾ ਵੀ ਸੀਏ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਵੀ ਆਡਿਟ ਕਰਦਾ ਸੀ। ਇਹ ਵਿਅਕਤੀ ਕੇਸ ਦਰਜ ਹੋਣ ਤੋਂ ਬਾਅਦ ਲੁਕਣ ਦਾ ਯਤਨ ਕਰ ਰਿਹਾ ਸੀ ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਖੁਲਾਸੇ ਵੀ ਕੀਤੇ ਜਾਣਗੇ।

ਇਸ ਮਾਮਲੇ ਵਿੱਚ ਪੁਲੀਸ ਵੱਲੋਂ 7 ਦਸੰਬਰ ਨੂੰ ਕੇਸ ਦਰਜ ਕੀਤਾ ਗਿਆ ਹੈ ਜਿਸ ਵਿੱਚ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ ਤੇ ਕਈ ਹੋਰ ਵੀ ਹਨ। ਇਨ੍ਹਾਂ ਵਿੱਚੋਂ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਵਿਦੇਸ਼ ਵਿੱਚ ਹਨ।

ਇਹ ਇਸ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਹੈ। ਪੁਲੀਸ ਸੂਤਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਹ ਮੁੱਦਾ 2020 ਤੋਂ ਵਿਵਾਦਾਂ ਵਿੱਚ ਹੈ। ਉਸ ਵੇਲੇ ਅਕਾਲ ਤਖ਼ਤ ਵੱਲੋਂ ਬਣਾਈ ਗਈ ਇੱਕ ਜਾਂਚ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ ਅਤੇ ਇਸ ਦੀ ਇੱਕ ਵਿਸਥਾਰਤ ਰਿਪੋਰਟ ਜਥੇਦਾਰ ਨੂੰ ਸੌਂਪੀ ਸੀ ਜਿਸ ਵਿੱਚ ਜ਼ਿੰਮੇਵਾਰ ਵਿਅਕਤੀਆਂ ਬਾਰੇ ਅਤੇ ਪ੍ਰਬੰਧਾਂ ਵਿੱਚ ਖਾਮੀਆਂ ਬਾਰੇ ਵੀ ਜ਼ਿਕਰ ਕੀਤਾ ਗਿਆ ਸੀ।