AI ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਇਤਰਾਜ਼ਯੋਗ ਵੀਡੀਓ ਬਣਾਏ ਜਾਣ ਦਾ ਜਥੇਦਾਰ ਵੱਲੋਂ ਸਖ਼ਤ ਵਿਰੋਧ
AI (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਇਤਰਾਜ਼ਯੋਗ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਇਸ ਵਰਤਾਰੇ ਨੂੰ ਰੋਕਣ ਲਈ ਠੋਸ ਕਾਰਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਸ ਦੇ ਚਾਰ ਦਰਵਾਜ਼ੇ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ, ਭਾਈਚਾਰਕ ਸਾਂਝ ਤੇ ਪ੍ਰੇਮ ਦਾ ਉਪਦੇਸ਼ ਤੇ ਸਿਧਾਂਤ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਤਕਨੀਕੀ ਯੁੱਗ ਅੰਦਰ ਖ਼ਾਸਕਰ ਏਆਈ ਦੀ ਦੁਰਵਰਤੋਂ ਕਰਦਿਆਂ ਸ਼ਰਾਰਤੀ ਅਨਸਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਪ੍ਰਬੰਧ ਬਾਰੇ ਨਕਲੀ ਤੇ ਇਤਰਾਜ਼ਯੋਗ ਵੀਡੀਓ ਬਣਾ ਕੇ ਲਗਾਤਾਰ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਮਾਰੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਵਰਤਾਰੇ ਵਿਚ ਗਹਿਰੀ ਚਿੰਤਾ ਦਾ ਵਿਸ਼ਾ ਇਹ ਹੈ ਕਿ ਭਾਵੇਂ ਪਹਿਲਾਂ ਜਾਂ ਹੁਣ, ਜਿਨ੍ਹਾਂ ਸ਼ਰਾਰਤੀ ਅਨਸਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਅਤਿ ਇਤਰਾਜ਼ਯੋਗ ਵੀਡੀਓ ਬਣਾਈਆਂ ਹਨ ਉਨ੍ਹਾਂ ਨੂੰ ਸ਼ਿਕਾਇਤਾਂ ਦੇ ਬਾਵਜੂਦ ਹੁਣ ਤੱਕ ਸਰਕਾਰਾਂ ਨੇ ਨਸ਼ਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ ਦੋਵੇਂ ਸਰਕਾਰਾਂ ਸ਼ਰਾਰਤੀ ਅਨਸਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਨਸ਼ਰ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਇਤਰਾਜ਼ਯੋਗ ਸਮੱਗਰੀ ਕਿਸੇ ਹੋਰ ਬਾਰੇ ਜਾਂ ਸਰਕਾਰ ਦੇ ਕਿਸੇ ਮੰਤਰੀ ਬਾਰੇ ਪਾਈ ਗਈ ਹੋਵੇ ਤਾਂ ਸਰਕਾਰਾਂ ਕੁਝ ਘੰਟਿਆਂ ਵਿਚ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਦੀਆਂ ਹਨ ਪਰ ਜਦੋਂ ਸਿੱਖਾਂ ਨਾਲ ਸਬੰਧਤ ਅਜਿਹੇ ਇਤਰਾਜ਼ਯੋਗ ਮਾਮਲੇ ਆਉਂਦੇ ਹਨ ਤਾਂ ਇਸ ਵਿਚ ਜਾਂਚ ਏਜੰਸੀਆਂ ਦੀ ਉਦਾਸੀਨਤਾ ਨਜ਼ਰ ਆਉਂਦੀ ਹੈ ਜੋ ਕਿ ਮੰਦਭਾਗੀ ਕਾਰਵਾਈ ਹੈ ।
ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੇ ਸ਼ਰਾਰਤੀ ਲੋਕਾਂ ਦੀ ਬਿਨਾਂ ਦੇਰੀ ਨਿਸ਼ਾਨਦੇਹੀ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਦੀ ਪਛਾਣ ਜਨਤਕ ਕਰਕੇ ਬਣਦੀ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਬੀਤੇ ਸਮੇਂ ਜਿਨ੍ਹਾਂ ਸ਼ਰਾਰਤੀ ਲੋਕਾਂ ਨੇ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈ-ਮੇਲਾਂ ਕੀਤੀਆਂ ਸਨ, ਉਨ੍ਹਾਂ ਬਾਰੇ ਵੀ ਅੱਜ ਤੱਕ ਕੋਈ ਜਾਣਕਾਰੀ ਸਰਕਾਰ ਦੀ ਤਰਫ਼ੋਂ ਸਾਹਮਣੇ ਨਹੀਂ ਲਿਆਂਦੀ ਗਈ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਅੰਦਰ ਕੇਂਦਰ ਸਰਕਾਰ ਸਮੂਹ ਕਾਰਜਸ਼ੀਲ ਏਆਈ ਕੰਪਨੀਆਂ ਨੂੰ ਵਿਸ਼ੇਸ਼ ਆਦੇਸ਼ ਜਾਰੀ ਕਰੇ ਕਿ ਇਹ ਕੰਪਨੀਆਂ ਦੇਸ਼ ਅੰਦਰ ਸਾਰੇ ਧਰਮਾਂ ਦੇ ਸਰੋਕਾਰਾਂ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਏਆਈ ਐਪਲੀਕੇਸ਼ਨਾਂ ਰਾਹੀਂ ਗੁਰਬਾਣੀ, ਸਿੱਖ ਇਤਿਹਾਸ, ਗੁਰਮਤਿ ਸਿਧਾਂਤ ਤੇ ਫ਼ਲਸਫ਼ੇ ਬਾਰੇ ਵੀ ਗਲਤ ਜਾਣਕਾਰੀ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਮਾਮਲੇ ਸਾਹਮਣੇ ਆਏ ਹਨ।