ਪਾਵਨ ਸਰੂਪਾਂ ਦਾ ਮਾਮਲਾ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਦਾ ਫੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਹੋਈ ਚਰਚਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਸਰਕਾਰ ਵੱਲੋਂ ਪਰਚਾ ਦਰਜ ਕਰਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਸਰਕਾਰੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਇਕੱਤਰਤਾ ਵਿਚ ਪਾਸ ਕੀਤੇ ਮਤੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੋਣ ਦੇ ਬਾਵਜੂਦ ਵੀ ਲੰਘੇ ਦਿਨੀਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ’ਤੇ ਕੁਝ ਲੋਕਾਂ ਵੱਲੋਂ ਲਗਾਏ ਗਏ ਧਰਨੇ ਵਿਚ ਸਰਕਾਰ ਦੇ ਮੰਤਰੀ, ਸਪੀਕਰ ਅਤੇ ਵਿਧਾਇਕ ਵੱਲੋਂ ਸ਼ਮੂਲੀਅਤ ਕਰਨੀ ਤੇ ਪੁਲਸ ਨੂੰ ਪਰਚਾ ਦਰਜ ਕਰਨ ਦੇ ਆਦੇਸ਼ ਦੇਣ ਤੋਂ ਸਪੱਸ਼ਟ ਹੈ ਕਿ ਸਰਕਾਰ ਜਾਣਬੁਝ ਕੇ ਇਸ ਮਾਮਲੇ ਵਿਚ ਆਪਣੀ ਸਿਆਸਤ ਸਾਧ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ ਬੇਅਦਬੀ ਜਾਂ ਪਾਵਨ ਸਰੂਪ ਗੁੰਮ ਹੋਣ ਦਾ ਨਹੀਂ ਸਗੋਂ ਕੁਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਦਾ ਹੈ। ਇਸ ਮਾਮਲੇ ਨੂੰ ਬੇਅਦਬੀ ਅਤੇ ਪਾਵਨ ਸਰੂਪ ਗੁੰਮ ਹੋਣ ਵਜੋਂ ਪ੍ਰਚਾਰਨਾਂ ਸਿੱਖ ਕੌਮ ਦੀ ਸਿਰਮੌਰ ਸੰਸਥਾ ਨੂੰ ਬਦਨਾਮ ਕਰਨ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਸਿਆਸੀ ਸਾਜ਼ਿਸ਼ ਹੈ, ਜਿਸ ਵਿਚ ਸਰਕਾਰ ਵੀ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡਾ. ਈਸ਼ਰ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਬਣਾਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸਾਫ਼ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਕੁਝ ਮੁਲਾਜ਼ਮਾਂ ਨੇ ਨਿੱਜੀ ਲਾਲਸਾ ਕਰਕੇ ਆਪਣੇ ਕੁਕਰਮਾਂ ‘ਤੇ ਪਰਦਾ ਪਾਉਣ ਦੀ ਅਸਫਲ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਅਨੁਸਾਰ ਅੰਤ੍ਰਿੰਗ ਕਮੇਟੀ ਦੇ ਮਤਾ ਨੰਬਰ 466, 27-08-2020 ਰਾਹੀਂ ਕਾਰਵਾਈ ਕੀਤੀ ਗਈ ਅਤੇ ਕੁਝ ਮੁਲਾਜ਼ਮਾਂ ’ਤੇ ਕਾਨੂੰਨੀ ਕਾਰਵਾਈ ਦਾ ਵੀ ਫੈਸਲਾ ਹੋਇਆ।