latest news Punjab

ਅਕਾਲੀ ਦਲ ਵੱਲੋਂ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਆਤਿਸ਼ੀ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰੇ

ਅਕਾਲੀ ਦਲ ਵੱਲੋਂ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਆਤਿਸ਼ੀ ਖ਼ਿਲਾਫ਼ ਵਿਸ਼ਾਲ ਰੋਸ ਮੁਜ਼ਾਹਰੇ
  • PublishedJanuary 10, 2026

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਵਿਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਵਿਧਾਨ ਸਭਾ ਵਿਚ ਸਿੱਖ ਗੁਰੂ ਸਾਹਿਬਾਨ ਦੇ ਖ਼ਿਲਾਫ਼ ਟਿੱਪਣੀਆਂ ਲਈ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਦੀ ਮੰਗ ਨੂੰ ਲੈ ਕੇ ਸਾਰੇ ਪੰਜਾਬ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ। ਇਨ੍ਹਾਂ ਰੋਸ ਧਰਨਿਆਂ ਦੌਰਾਨ ਸੂਬੇ ਭਰ ਵਿਚ ਉਨ੍ਹਾਂ ਨੂੰ ਭਰਵਾਂ ਲੋਕ ਹੁੰਗਾਰਾ ਮਿਲਿਆ। ਇਸ ਮੌਕੇ ਆਤਿਸ਼ੀ ਮਾਰਲੇਨਾ ਦੇ ਪੁਤਲੇ ਸਾੜਨ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਸਾਬਕਾ ਮੁੱਖ ਮੰਤਰੀ ਅਤੇ ਇਸ ਸਾਜ਼ਿਸ਼ ਪਿੱਛੇ ਸਾਜ਼ਿਸ਼ ਘਾੜਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਅਕਾਲੀ ਦਲ ਦੇ ਵਫ਼ਦਾਂ ਨੇ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ ਜਿਸ ਵਿਚ ਉਨ੍ਹਾਂ ਨੇ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਤੁਰੰਤ ਆਤਿਸ਼ੀ ਮਾਰਲੇਨਾ ਖ਼ਿਲਾਫ਼ ਕਾਰਵਾਈ ਕਰਨ।

ਮੰਗ ਪੱਤਰਾਂ ਵਿਚ ਸਪਸ਼ਟ ਕੀਤਾ ਗਿਆ ਕਿ ਆਤਿਸ਼ੀ ਨੇ ਜਾਣ ਬੁੱਝ ਕੇ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਧਰਮ ਦੀ ਰਾਖੀ ਖ਼ਾਤਰ ਦਿੱਤੀ ਸ਼ਹਾਦਤ ’ਤੇ ਚਰਚਾ ਦੌਰਾਨ ਗੁਰੂ ਸਾਹਿਬਾਨ ਖਿਲਾਫ ਟਿੱਪਣੀਆਂ ਕੀਤੀਆਂ। ਮੰਗ ਪੱਤਰਾਂ ਵਿਚ ਕਿਹਾ ਗਿਆ ਕਿ ਇਹ ਟਿੱਪਣੀਆਂ ਦਿੱਲੀ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਹਨ ਅਤੇ ਇਹ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਉਹਨਾਂ ਖਿਲਾਫ ਕੇਸ ਦਰਜ ਕਰਨ ਤੇ ਉਹਨਾਂ ਦੀ ਗ੍ਰਿਫਤਾਰੀ ਦਾ ਢੁਕਵਾਂ ਮਾਮਲਾ ਬਣਦਾ ਹੈ। ਮੰਗ ਪੱਤਰ ਵਿਚ ਕਿਹਾ ਗਿਆ ਕਿ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਖਿਲਾਫ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੈ ਜਿਸ ਕਾਰਨ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚ ਵੱਡਾ ਰੋਸ ਹੈ।