ਸੰਯੁਕਤ ਕਿਸਾਨ ਮੋਰਚੇ ਦਾ ਭਾਰਤ ਅਮਰੀਕਾ ਵਪਾਰ ਸਮਝੌਤੇ ਖਿਲਾਫ ਵੱਡੀ ਰੈਲੀ ਕਰਨ ਦਾ ਐਲਾਨ
ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਵਪਾਰਕ ਸਮਝੌਤੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਨੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਵੱਲੋਂ ਭਾਰਤ ਅਮਰੀਕਾ ਵਪਾਰ ਸਮਝੌਤੇ ਵਿੱਚ ਖੇਤੀ ਖੇਤਰ ਨੂੰ ਸ਼ਾਮਿਲ ਕਰਨ ਖਿਲਾਫ 10 ਮਾਰਚ ਨੂੰ ਬਰਨਾਲਾ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ, ਜਿੱਥੋਂ ਸੰਘਰਸ਼ ਦੀ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ ।
ਇਹ ਫੈਸਲਾ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਇਕਾਈ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੀਨੀਅਰ ਆਗੂ ਰਮਿੰਦਰ ਸਿੰਘ ਪਟਿਆਲਾ, ਬਲਵਿੰਦਰ ਸਿੰਘ ਰਾਜੂ, ਭੋਗ ਸਿੰਘ ਮਾਨਸਾ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੇ ਸਮਝੌਤੇ ਵਿੱਚ ਖੇਤੀ ਖੇਤਰ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਭਾਰਤ ਅਮਰੀਕਾ ਵਪਾਰ ਸਮਝੌਤੇ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਮੋਰਚੇ ਦੇ ਆਗੂਆਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਬਰਖਾਸਤ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤੇ ਜਾਣ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ।