latest news Punjab

Fazilka News: ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਇਆ

Fazilka News: ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਇਆ
  • PublishedMay 31, 2026

ਜਲਾਲਾਬਾਦ ਸਬ-ਡਿਵੀਜ਼ਨ ਦੇ ਪਿੰਡ ਬਾਰੇਵਾਲਾ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ। ਇੱਥੇ ਇੱਕ ਗੁਰਦੁਆਰਾ ਸਾਹਿਬ ਦੇ ਅੰਦਰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਅਗਨ ਭੇਟ ਹੋ ਗਿਆ।

ਮੁਢਲੀ ਜਾਂਚ ਦੇ ਅਨੁਸਾਰ, ਮੰਨਿਆ ਜਾ ਰਿਹਾ ਹੈ ਕਿ ਅੱਗ ਗੁਰਦੁਆਰਾ ਹਾਲ ਵਿੱਚ ਲੱਗੇ ਕੰਧ ਵਾਲੇ ਪੱਖੇ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੈ।

ਜਲਾਲਾਬਾਦ ਦੇ ਡੀ ਐੱਸ ਪੀ (DSP) ਗੁਰਸੇਵਕ ਸਿੰਘ ਨੇ ‘ਦਿ ਟ੍ਰਿਬਿਊਨ’ ਨੂੰ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਤਾਲਾ ਲੱਗਿਆ ਹੋਇਆ ਸੀ ਕਿਉਂਕਿ ਗ੍ਰੰਥੀ ਸਿੰਘ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਹੋਏ ਸਨ। ਗੁਰਦੁਆਰਾ ਸਾਹਿਬ ਦਾ ਅਸਥਾਈ ਚਾਰਜ ਪੰਜਾਬ ਪੁਲੀਸ ਦੇ ਸੇਵਾਮੁਕਤ ਇੰਸਪੈਕਟਰ ਪੰਜਾਬ ਸਿੰਘ ਨੂੰ ਸੌਂਪਿਆ ਗਿਆ ਸੀ, ਜਿਨ੍ਹਾਂ ਨੇ ਸ਼ਨਿੱਚਰਵਾਰ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਤੋਂ ਬਾਅਦ ਇਮਾਰਤ ਨੂੰ ਤਾਲਾ ਲਗਾ ਦਿੱਤਾ ਸੀ।

ਡੀ ਐੱਸ ਪੀ ਨੇ ਦੱਸਿਆ ਕਿ ਇਹ ਘਟਨਾ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਸੀ ਸੀ ਟੀ ਵੀ (CCTV) ਕੈਮਰੇ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਰੱਖੇ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਸਰੂਪ ਨੂੰ ਅੱਗ ਤੋਂ ਬਚਾ ਲਿਆ ਗਿਆ।

ਸੂਤਰਾਂ ਅਨੁਸਾਰ, ਕੁਝ ਪਿੰਡ ਵਾਸੀਆਂ ਨੇ ਤੜਕੇ ਗੁਰਦੁਆਰਾ ਸਾਹਿਬ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ, ਜਿਸ ਨਾਲ ਹੋਰ ਨੁਕਸਾਨ ਹੋਣੋਂ ਬਚ ਗਿਆ ਅਤੇ ਦੂਜਾ ਸਰੂਪ ਸੁਰੱਖਿਅਤ ਬਚਾ ਲਿਆ ਗਿਆ।

ਡੀ ਐੱਸ ਪੀ ਗੁਰਸੇਵਕ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਜਾਂ ਸ਼ਰਾਰਤ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।