latest news Punjab

PRTC strike end: ਟਰਾਂਸਪੋਰਟ ਸਕੱਤਰ ਨਾਲ ਗੱਲਬਾਤ ਤੋਂ ਬਾਅਦ Punjab Roadways ਅਤੇ Punbus ਨੇ ਹੜਤਾਲ ਵਾਪਸ ਲਈ

  • PublishedJune 10, 2026

ਟਰਾਂਸਪੋਰਟ ਸਕੱਤਰ ਵਰੁਣ ਰੂਜਮ ਨਾਲ ਗੱਲਬਾਤ ਤੋਂ ਬਾਅਦ ਪੰਜਾਬ ਰੋਡਵੇਜ਼ ਅਤੇ ਪਨਬੱਸ ਨੇ ਹੜਤਾਲ ਵਾਪਸ ਲੈ ਲਈ ਗਈ ਹੈ।

ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਨੂੰ ਸ਼ਾਮਲ ਕਰਨ ਦੇ ਵਿਰੋਧ ਵਿੱਚ ਸ਼ੁਰੂ ਹੋਈ ਇਹ ਹੜਤਾਲ ਹੋਰ ਤੇਜ਼ ਹੋਣ ਦੀ ਉਮੀਦ ਸੀ, ਕਿਉਂਕਿ ਪੀ ਆਰ ਟੀ ਸੀ ਕੰਟਰੈਕਟ ਡਰਾਈਵਰ ਅਤੇ ਕੰਡਕਟਰ ਵੀ ਹੜਤਾਲ ਵਿੱਚ ਸ਼ਾਮਲ ਹੋ ਰਹੇ ਸਨ।

ਕਰਮਚਾਰੀ ਯੂਨੀਅਨਾਂ ਨੇ ਕਿਹਾ ਕਿ ਸਰਕਾਰ ਨਾਲ ਪਿਛਲੇ ਦੌਰ ਦੀ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਦੇ ਚੱਲਣ ਦਾ ਸਖ਼ਤ ਵਿਰੋਧ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕਿ ਉਨ੍ਹਾਂ ਦੀਆਂ ਚਿੰਤਾਵਾਂ ‘ਤੇ ਵਿਚਾਰ ਕੀਤਾ ਜਾਵੇਗਾ, ਵਿੱਤ ਮੰਤਰੀ ਨੇ ਸਕੀਮ ਤਹਿਤ ਪੰਜ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰ ਦਿੱਤਾ, ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨ ਲਈ ਮਜਬੂਰ ਹੋਣਾ ਪਿਆ।

ਉਨ੍ਹਾਂ ਦਲੀਲ ਦਿੱਤੀ ਕਿ ਪਬਲਿਕ ਟਰਾਂਸਪੋਰਟ ਵਿੱਚ ਨਿੱਜੀ ਅਪਰੇਟਰਾਂ ਨੂੰ ਲਿਆਉਣ ਦੀ ਬਜਾਏ, ਸਰਕਾਰ ਨੂੰ ਹੋਰ ਸਰਕਾਰੀ ਬੱਸਾਂ ਸ਼ਾਮਲ ਕਰਕੇ ਤੇ ਖ਼ਾਲੀ ਪਈਆਂ ਅਸਾਮੀਆਂ ਨੂੰ ਭਰ ਕੇ ਪਨਬੱਸ ਅਤੇ ਪੀ ਆਰ ਟੀ ਸੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਠੇਕਾ ਮੁਲਾਜ਼ਮ ਸੇਵਾਵਾਂ ਨੂੰ ਰੈਗੂਲਰ (ਪੱਕਾ) ਕਰਨ, “ਬਰਾਬਰ ਕੰਮ ਲਈ ਬਰਾਬਰ ਤਨਖ਼ਾਹ” ਲਾਗੂ ਕਰਨ, ਬਰਖ਼ਾਸਤ ਕੀਤੇ ਕਰਮਚਾਰੀਆਂ ਨੂੰ ਬਹਾਲ ਕਰਨ, ਪਿਛਲੇ ਪ੍ਰਦਰਸ਼ਨਾਂ ਦੌਰਾਨ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਅਤੇ ਆਊਟਸੋਰਸ ਕੀਤੇ ਗਏ ਕਾਮਿਆਂ ਲਈ ਭਲਾਈ ਲਾਭਾਂ ਵਿੱਚ ਸੁਧਾਰ ਕਰਨ ਦੀ ਮੰਗ ਵੀ ਕਰ ਰਹੇ ਹਨ।

ਪੀ ਆਰ ਟੀ ਸੀ ਵਰਕਰਜ਼ ਯੂਨੀਅਨ ਦੇ ਆਗੂ ਨੇ ਕਿਹਾ ਕਿ ਉਹ ਸੰਗਰੂਰ ਡਿਪੂ ਦੇ ਯੂਨੀਅਨ ਦੇ ਉਨ੍ਹਾਂ 10 ਮੈਂਬਰਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਕਰ ਰਹੇ ਹਨ ਜੋ ਇਸ ਵੇਲੇ ਜੇਲ੍ਹ ਵਿੱਚ ਬੰਦ ਹਨ।