Cockroach Janta Party ਵੱਲੋਂ ਅੰਮ੍ਰਿਤਸਰ ਵਿੱਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਕਾਕਰੋਚ ਜਨਤਾ ਪਾਰਟੀ ਨੇ ਅੱਜ ਅੰਮ੍ਰਿਤਸਰ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਿਸ ਦੀ ਅਗਵਾਈ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ ਕੀਤੀ। ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਸਥਾਨਕ ਗੋਲਡਨ ਗੇਟ ਨੇੜੇ ਇੱਕ ਸਮਾਗਮ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਸ੍ਰੀ ਦੀਪਕੇ ਨੇ ਆਖਿਆ ਕਿ ਦੇਸ਼ ਵਿੱਚ ਜੇਕਰ ਕੋਈ ਕੇਂਦਰ ਸਰਕਾਰ ਖਿਲਾਫ ਬੋਲਦਾ ਹੈ ਤਾਂ ਉਸ ਨੂੰ ਬਦਨਾਮ ਕੀਤਾ ਜਾਂਦਾ ਹੈ। ਇਸ ਮੌਕੇ ਉਹਨਾਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਉਹਨਾਂ ਆਖਿਆ ਕਿ ਜਦੋਂ ਦਿੱਲੀ ਸਰਕਾਰ ਖਿਲਾਫ ਕਿਸਾਨ ਅੰਦੋਲਨ ਚੱਲ ਰਿਹਾ ਸੀ ਤਾਂ ਉਹ ਉਸ ਵੇਲੇ ਉਥੇ ਗਏ ਸਨ। ਉਹਨਾਂ ਦੇਖਿਆ ਸੀ ਕਿ ਕਿਵੇਂ ਉਸ ਵੇਲੇ ਕਿਸਾਨ ਅੰਦੋਲਨ ਨੂੰ ਬਦਨਾਮ ਕੀਤਾ ਗਿਆ।
ਉਨ੍ਹਾਂ ਆਖਿਆ ਕਿ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਜੋ ਕੁਝ ਵਾਪਰਿਆ ਹੈ , ਪ੍ਰਧਾਨ ਮੰਤਰੀ ਨੂੰ ਉਸ ਦੀ ਜ਼ਿੰਮੇਵਾਰੀ ਲੈਣੀ ਪਵੇਗੀ। ਉਹਨਾਂ ਨੇ ਹਾਜ਼ਰ ਲੋਕਾਂ ਨੂੰ ਵੀ ਪੁੱਛਿਆ ਕਿ ਕੀ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਜਾਂ ਨਹੀਂ ਤਾਂ ਲੋਕਾਂ ਨੇ ਇੱਕ ਸੁਰ ਵਿੱਚ ਆਖਿਆ ਕਿ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।
ਉਨ੍ਹਾਂ ਹਾਲ ਹੀ ਵਿੱਚ ਹੋਈ ਪ੍ਰੀਖਿਆ ਵਿੱਚ ਬੇਨਿਯਮੀ ਦੀ ਗੱਲ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਿਸ਼ਾਨਾ ਸੇਧਿਆ।
ਇਸ ਮੌਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਬਟਾਲਾ, ਲੁਧਿਆਣਾ ਤੇ ਹੋਰਨਾਂ ਕਈ ਥਾਵਾਂ ਤੋਂ ਨੌਜਵਾਨ ਪੁੱਜੇ ਹੋਏ ਸਨ ਜਿਨਾਂ ਵਿੱਚ ਕੁੜੀਆਂ ਵੀ ਸ਼ਾਮਿਲ ਸਨ।