Lucknow Fire Incident: ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ 5 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ
Lucknow Fire Incident:
ਲਖਨਊ ਦੇ ਅਲੀਗੰਜ ਖੇਤਰ ਵਿੱਚ ਸਥਿਤ ਕੋਚਿੰਗ ਸੈਂਟਰ ਦੀ ਇਮਾਰਤ ਵਿੱਚ ਲੱਗੀ ਅੱਗ ਕਾਰਨ 15 ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਨੂੰ ਅਦਾਲਤ ਨੇ 5 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚ ਰਾਮਕ੍ਰਿਸ਼ਨ, ਵੀਰੇਂਦਰ ਸ਼ੁਕਲਾ ਅਤੇ ਤੁਸ਼ਾਂਕ ਕ੍ਰਿਸ਼ਨ ਜੈਸਵਾਲ ਸ਼ਾਮਲ ਹਨ।
ਪੁਲੀਸ ਨੇ ਇਸ ਮਾਮਲੇ ਵਿੱਚ ਛੇ ਨਾਮਜ਼ਦ ਵਿਅਕਤੀਆਂ ਅਤੇ ਹੋਰਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਅਤੇ ਉੱਤਰ ਪ੍ਰਦੇਸ਼ ਫਾਇਰ ਸਰਵਿਸ ਐਕਟ ਤਹਿਤ ਕੇਸ ਦਰਜ ਕੀਤਾ ਸੀ। ਘਟਨਾ ਵਾਲੀ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਆਮ ਲੋਕਾਂ ਦੇ ਦਾਖ਼ਲੇ ‘ਤੇ ਰੋਕ ਲਗਾ ਦਿੱਤੀ ਗਈ ਹੈ ਤਾਂ ਕਿ ਫੋਰੈਂਸਿਕ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਸਬੂਤ ਇਕੱਠੇ ਕਰ ਸਕਣ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਮਾਰਤ ਵਿੱਚ ਐਮਰਜੈਂਸੀ ਨਿਕਾਸ ਦੀ ਘਾਟ ਅਤੇ ਅੱਗ ਸੁਰੱਖਿਆ ਪ੍ਰਬੰਧਾਂ ਦੀਆਂ ਕਮੀਆਂ ਕਾਰਨ ਧੂੰਆਂ ਤੇਜ਼ੀ ਨਾਲ ਫੈਲ ਗਿਆ, ਜਿਸ ਨਾਲ ਦਮ ਘੁੱਟਣ ਕਾਰਨ ਵੱਡੀ ਗਿਣਤੀ ਵਿੱਚ ਜਾਨਾਂ ਗਈਆਂ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦੀ ਜਾਂਚ ਲਈ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਹੈ, ਜਦਕਿ ਚਾਰ ਅਧਿਕਾਰੀਆਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ।