Punjab Congress infighting: ਪੰਜਾਬ ਕਾਂਗਰਸ ਦੇ ਰੇੜਕੇ ਦਰਮਿਆਨ ਬਘੇਲ ਨੇ ਕੌਮੀ ਲੀਡਰਸ਼ਿਪ ਨੂੰ ਰਿਪੋਰਟ ਸੌਂਪੀ
ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਬੁੱਧਵਾਰ ਨੂੰ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਆਪਣੇ 6 ਦਿਨਾਂ ਦੇ ਦੌਰੇ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਲਗਭਗ ਸਾਰੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਵਿਸਥਾਰ ‘ਚ ਗੱਲਬਾਤ ਹੋਈ।
ਭੁਪੇਸ਼ ਬਘੇਲ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਦੌਰੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਫ਼ਤਰ ਵਿਚ ਵੀ ਮੀਟਿੰਗਾਂ ਹੋਈਆਂ ਅਤੇ ਵੱਖ-ਵੱਖ ਆਗੂਆਂ ਨਾਲ ਇਕੱਲਿਆਂ ਮੀਟਿੰਗਾਂ ਵੀ ਕੀਤੀਆਂ ਗਈਆਂ। ਉਨ੍ਹਾਂ ਨੇ ਇਨ੍ਹਾਂ ਸਾਰੀਆਂ ਮੀਟਿੰਗਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ ਰਿਪੋਰਟ ਕੇ.ਸੀ. ਵੇਣੂਗੋਪਾਲ ਨੂੰ ਸੌਂਪ ਦਿੱਤੀ ਹੈ। ਇਸ ਦੌਰਾਨ ਭੁਪੇਸ਼ ਬਘੇਲ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਇਕ ਵਾਰ ਫ਼ਿਰ ਦੁਹਰਾਇਆ ਕਿ ਲੀਡਰਸ਼ਿਪ ਵਿਚ ਬਦਲਾਅ ਕਰਨਾ ਕੋਈ ਗੁੱਡਾ-ਗੁੱਡੀ ਦਾ ਖੇਡ ਨਹੀਂ ਹੈ।
ਬਘੇਲ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ ਵਿਚ ਚੱਲ ਰਹੀਆਂ ਸੰਗਠਨਾਤਮਕ ਚਰਚਾਵਾਂ ਅਤੇ ਸੰਭਾਵਿਤ ਬਦਲਾਵਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਪੰਜਾਬ ਦੌਰੇ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਹੁਣ ਰਿਪੋਰਟ ਹਾਈਕਮਾਂਡ ਨੂੰ ਸੌਂਪੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੰਗਠਨ ਅਤੇ ਲੀਡਰਸ਼ਿਪ ਸਬੰਧੀ ਅਗਲੇ ਫ਼ੈਸਲਿਆਂ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।