CJP Protest: ‘ਬੱਚਿਆਂ ਦੇ ਮੋਢਿਆਂ ‘ਤੇ ਰੱਖ ਕੇ ਬੰਦੂਕ ਨਾ ਚਲਾਓ’, ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ
ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨੀਟ ਪ੍ਰੀਖਿਆ ਵਿਵਾਦ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮਾਮਲੇ ‘ਤੇ ਸਿਆਸਤ ਕਰਨ ਦੀ ਬਜਾਏ ਹੱਲ ਲੱਭਣ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮੋਢਿਆਂ ‘ਤੇ ਰੱਖ ਕੇ ਸਿਆਸੀ ਬੰਦੂਕ ਨਹੀਂ ਚਲਾਈ ਜਾਣੀ ਚਾਹੀਦੀ, ਸਗੋਂ ਉਨ੍ਹਾਂ ਦੇ ਦਰਦ ਨੂੰ ਸਮਝਦਿਆਂ ਪ੍ਰਣਾਲੀ ਨੂੰ ਸੁਧਾਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦਿਆਰਥੀਆਂ ਦੀ ਪੀੜਾ ਨੂੰ ਪੂਰੀ ਤਰ੍ਹਾਂ ਸਮਝਦੇ ਹਨ।
ਉਨ੍ਹਾਂ ਕਿਹਾ ਕਿ ਇੱਕ ਮੁਕਾਬਲੇ ਵਾਲੀ ਪ੍ਰੀਖਿਆ ‘ਚ ਬੈਠਣ ਵਾਲੇ ਹਰ ਵਿਦਿਆਰਥੀ ਲਈ ਇੱਕ-ਇੱਕ ਮਿੰਟ ਅਤੇ ਇੱਕ-ਇੱਕ ਸਾਲ ਦੀ ਬਹੁਤ ਵੱਡੀ ਕੀਮਤ ਹੁੰਦੀ ਹੈ। ਜੇਕਰ ਪ੍ਰੀਖਿਆ ਪ੍ਰਣਾਲੀ ‘ਚ ਕੋਈ ਖਾਮੀ ਰਹਿ ਜਾਂਦੀ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਉਨ੍ਹਾਂ ਗਰੀਬ ਪਰਿਵਾਰਾਂ ਨੂੰ ਹੁੰਦਾ ਹੈ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਖੂਨ-ਪਸੀਨੇ ਦੀ ਕਮਾਈ ਲਗਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਦਰਦ ਨੂੰ ਸਿਰਫ਼ ਪੈਸਿਆਂ ਨਾਲ ਨਹੀਂ ਤੋਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੇ ਮਾਮਲਿਆਂ ‘ਚ ਦੋਸ਼ੀਆਂ ਨੂੰ ਜਲਦੀ ਸਜ਼ਾ ਦਿਵਾਉਣ ਲਈ ਫਾਸਟ ਟਰੈਕ ਅਦਾਲਤਾਂ ਰਾਹੀਂ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਨਿਆਂ ‘ਚ ਦੇਰੀ ਨਾ ਹੋਵੇ। ਜਾਖੜ ਨੇ ਕਿਹਾ ਕਿ ਇਹ ਸਿਰਫ਼ ਭਰੋਸਾ ਨਹੀਂ, ਸਗੋਂ ਸਰਕਾਰ ਦੀ ਵਚਨਬੱਧਤਾ ਹੈ ਕਿ ਜਿਹੜੇ ਵੀ ਲੋਕ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ੀ ਹਨ, ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਮਿਲੇਗੀ।