ਕੈਨੇਡਾ ‘ਚ PGWP ਵਿਵਾਦ, ਪੰਜਾਬੀ ਨੌਜਵਾਨਾਂ ਦੇ ਸਮਰਥਨ ’ਚ ਆਏ ਡਾ. ਰਵਜੋਤ, ਵਿਦੇਸ਼ ਮੰਤਰੀ ਤੋਂ ਮੰਗਿਆ ਸਮਾਂ
ਪੰਜਾਬ ਦੇ ਐੱਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੜ੍ਹਾਈ ਤੋਂ ਬਾਅਦ ਦੇ ਵਰਕ ਪਰਮਿਟਾਂ ਨੂੰ ਲੈ ਕੇ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ‘ਤੇ ਅੱਜ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਲਗਰੀ ਵਿੱਚ ਲਗਪਗ 1,500 ਵਿਦਿਆਰਥੀ ਗ੍ਰੈਜੂਏਸ਼ਨ ਤੋਂ ਬਾਅਦ ਦੇ ਵਰਕ ਪਰਮਿਟ ਨਾ ਮਿਲਣ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਤੋਂ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਇਸ ਮੁੱਦੇ ‘ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿੱਚ, ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੂਟਨੀਤਕ ਚੈਨਲਾਂ ਰਾਹੀਂ ਕੈਨੇਡਾ ਸਰਕਾਰ ਕੋਲ ਇਹ ਮਾਮਲਾ ਉਠਾਏ ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਰਾਹਤ ਦਿੱਤੀ ਜਾ ਸਕੇ।