PM Modi ਨਾਲ ਮੁਲਾਕਾਤ ਤੋਂ ਅਗਲੇ ਦਿਨ ਸੁਖਬੀਰ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਕੀਤੀ ਮੰਗ
ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਅਗਲੇ ਦਿਨ, ਸੁਖਬੀਰ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਦਾ ਸਮਰਥਨ ਕੀਤਾ ਹੈ। ਇਹ ਬਿੱਲ ਦੋ-ਤਿਹਾਈ ਬਹੁਮਤ ਨਾ ਮਿਲਣ ਕਾਰਨ ਸੰਸਦ ਦੀ ਮਨਜ਼ੂਰੀ ਦਾ ਇੰਤਜ਼ਾਰ ਕਰ ਰਿਹਾ ਹੈ।
ਸ਼ਨਿੱਚਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ।
ਜਿਵੇਂ ਕਿ ‘ਟ੍ਰਿਬਿਊਨ ਸਮੂਹ’ ਵੱਲੋਂ ਕੱਲ੍ਹ ਦੱਸਿਆ ਗਿਆ ਸੀ, ਕੇਂਦਰ ਸਰਕਾਰ ਇਸ ਬਿੱਲ ‘ਤੇ ਸਾਰੀਆਂ ਪਾਰਟੀਆਂ (ਜਿਨ੍ਹਾਂ ਵਿੱਚ ਪੁਰਾਣੇ ਸਹਿਯੋਗੀ ਵੀ ਸ਼ਾਮਲ ਹਨ) ਨਾਲ ਗੱਲਬਾਤ ਕਰ ਰਹੀ ਹੈ। ਇਹ ਬਿੱਲ ਹੱਦਬੰਦੀ ਨੂੰ ਲੋਕ ਸਭਾ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਮਹਿਲਾ ਰਾਖਵਾਂਖਰਨ ਨਾਲ ਜੋੜਦਾ ਹੈ।
ਅਕਾਲੀ ਦਲ ਕੋਲ ਲੋਕ ਸਭਾ ਵਿੱਚ ਹਰਸਿਮਰਤ ਬਾਦਲ ਦੀ ਸਿਰਫ਼ ਇੱਕ ਵੋਟ ਹੈ, ਪਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਵਾਉਣ ਵਿੱਚ ਹਰ ਵੋਟ ਮਾਇਨੇ ਰੱਖਦੀ ਹੈ।
ਸੁਖਬੀਰ ਬਾਦਲ ਨੇ ਐਕਸ ‘ਤੇ ਕਿਹਾ, ”ਸ਼੍ਰੋਮਣੀ ਅਕਾਲੀ ਦਲ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚਲਦਾ ਹੈ, ਜਿਨ੍ਹਾਂ ਨੇ ਸਾਨੂੰ ਮਹਿਲਾਵਾਂ ਦੇ ਸਨਮਾਨ ਅਤੇ ਬਰਾਬਰੀ ਦਾ ਉਪਦੇਸ਼ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਆਪਣੇ ਹਾਊਸ ਵਿੱਚ ਮਹਿਲਾਵਾਂ ਲਈ ਰਾਖਵਾਂਕਰਨ ਦਾ ਪ੍ਰਬੰਧ ਕਰਕੇ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ।”
ਉਨ੍ਹਾਂ ਕਿਹਾ ਕਿ ਸੰਸਦ ਦੇ ਸਾਹਮਣੇ ਮੌਜੂਦ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਨੇ ਨਿਰਪੱਖ ਅਤੇ ਸਮਾਨਤਾ-ਅਧਾਰਿਤ ਹੱਦਬੰਦੀ (Delimitation) ਦੀ ਵੀ ਮੰਗ ਕੀਤੀ, ਜੋ ਸਾਰੇ ਸੂਬਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਯਕੀਨੀ ਬਣਾਏ।
ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸਦਨ ਵਿੱਚ ਰੱਖੇ ਗਏ ਸਾਰੇ ਸੂਬਿਆਂ ਦੀਆਂ ਸੀਟਾਂ ਵਿੱਚ ਇਕਸਾਰ 50% ਵਾਧੇ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਦੋਵੇਂ ਤੁਰੰਤ ਲਾਗੂ ਕੀਤੇ ਜਾਣੇ ਚਾਹੀਦੇ ਹਨ।