Qaumi Insaaf Morcha: ਕੌਮੀ ਇਨਸਾਫ਼ ਮੋਰਚੇ ਦੇ ‘ਪੰਜਾਬ ਬੰਦ’ ਦੇ ਸੱਦੇ ਦੇ ਬਾਵਜੂਦ ਸਰਕਾਰੀ ਸਕੂਲ ਰਹਿਣਗੇ ਖੁੱਲ੍ਹੇ
ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਸੂਬੇ ਭਰ ਦੇ ਸਰਕਾਰੀ ਸਕੂਲ ਭਲਕੇ ਖੁੱਲ੍ਹੇ ਰਹਿਣਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਬੰਦ ਦੇ ਸੱਦੇ ਬਾਰੇ ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰੀ ਸਕੂਲ ਖੁੱਲ੍ਹੇ ਰਹਿਣਗੇ।
ਕੌਮੀ ਇਨਸਾਫ਼ ਮੋਰਚੇ ਨੇ ਪੁਲੀਸ ਕਾਰਵਾਈ, ਆਪਣੇ ਮੈਂਬਰਾਂ ਵਿਰੁੱਧ ਦਰਜ ਐੱਫ ਆਈ ਆਰਜ਼ ਅਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ਵਿੱਚ 21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਦਰਅਸਲ 15 ਅਗਸਤ ਨੂੰ ਚੰਡੀਗੜ੍ਹ ਪੁਲੀਸ ਨੇ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਅਤੇ ਬੈਰੀਕੇਡਾਂ ਨਾਲ ਕੌਮੀ ਇਨਸਾਫ਼ ਮੋਰਚੇ ਦਾ ਪੰਜਾਬ ਰਾਜ ਭਵਨ ਵੱਲ ਮਾਰਚ ਰੋਕ ਦਿੱਤਾ ਸੀ ਅਤੇ ਪੁਲੀਸ ਵੱਲੋਂ ਆਗੂਆਂ ਅਤੇ ਸਮਰਥਕਾਂ ਵਿਰੁੱਧ ਕਈ ਐੱਫ ਆਈ ਆਰਜ਼ ਦਰਜ ਕੀਤੀਆਂ ਗਈਆਂ ਸਨ।
ਮੋਰਚੇ ਦੀ ਮੁੱਖ ਮੰਗ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੈ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਅਜੇ ਵੀ ਜੇਲ੍ਹ ਵਿੱਚ ਹਨ, ਇਸ ਦੇ ਨਾਲ ਹੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਅਤੇ ਬੇਅਦਬੀ ਤੇ ਪੁਲੀਸ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਕੌਮੀ ਇਨਸਾਫ਼ ਮੋਰਚੇ ਦੇ ਆਗੂ ਗੁਰਚਰਨ ਸਿੰਘ ਨੇ ਕਿਹਾ ਕਿ ਇਸ ਬੰਦ ਦੌਰਾਨ ਕਾਰੋਬਾਰ, ਟਰਾਂਸਪੋਰਟ, ਸੜਕ ਅਤੇ ਰੇਲ ਸੇਵਾਵਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੀਆਂ ਅਤੇ ਕੇਵਲ ਜ਼ਰੂਰੀ ਸੇਵਾਵਾਂ ਨੂੰ ਹੀ ਚੱਲਣ ਦੀ ਇਜਾਜ਼ਤ ਹੋਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਸੇਵਾਵਾਂ, ਹਸਪਤਾਲ ਦਾ ਅਮਲਾ, ਮੈਡੀਕਲ ਸੁਵਿਧਾਵਾਂ, ਐਂਬੂਲੈਂਸਾਂ ਦੀ ਆਵਾਜਾਈ, ਸੈਨਾ, ਵਿਆਹ ਜਾਂ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਅਤੇ ਵਿਦੇਸ਼ੀ ਯਾਤਰੀਆਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।