Bus Accident: ਆਂਧਰਾ ਪ੍ਰਦੇਸ਼: ਬੰਗਲੁਰੂ ਜਾ ਰਹੀ ਪ੍ਰਾਈਵੇਟ ਬੱਸ ਨੂੰ ਅੱਗ ਲੱਗਣ ਕਾਰਨ 20 ਮੌਤਾਂ
ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਇੱਕ ਪ੍ਰਾਈਵੇਟ ਬੱਸ ਦੀ ਸ਼ੁੱਕਰਵਾਰ ਨੂੰ ਦੋ-ਪਹੀਆ ਵਾਹਨ ਨਾਲ ਟੱਕਰ ਹੋਣ ਮਗਰੋਂ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਜਿਸ ਵਿੱਚ 20 ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਬੁਰੀ ਤਰ੍ਹਾਂ ਝੁਲਸ ਚੁੱਕੇ ਹਨ ਅਤੇ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਲ ਹੈ।
ਮਰਨ ਵਾਲਿਆਂ ਵਿੱਚ ਦੋ-ਪਹੀਆ ਵਾਹਨ ਦਾ ਚਾਲਕ ਵੀ ਸ਼ਾਮਲ ਹੈ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਤੇਲੰਗਾਨਾ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ।
ਹਾਦਸੇ ਉਪਰੰਤ ਕੁਝ ਲਾਸ਼ਾਂ ਦੀ ਹਾਲਤ ਇੰਨੀ ਖਰਾਬ ਸੀ ਕਿ ਅਧਿਕਾਰੀਆਂ ਨੇ ਮ੍ਰਿਤਕਾਂ ਦੇ ਡੀਐੱਨਏ ਨਮੂਨੇ ਇਕੱਠੇ ਕਰਨ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ।
ਇੱਕ ਅਧਿਕਾਰੀ ਨੇ ਦੱਸਿਆ ਕਿ ਕਈ ਯਾਤਰੀ ਇਸ ਦੁਖਾਂਤ ਤੋਂ ਬਚ ਨਹੀਂ ਸਕੇ ਕਿਉਂਕਿ ਇਹ ਹਾਦਸਾ ਰਾਤ ਨੂੰ ਉਸ ਸਮੇਂ ਵਾਪਰਿਆ ਜਦੋਂ ਉਹ ਸੁੱਤੇ ਹੋਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਐਕਸ-ਗ੍ਰੇਸ਼ੀਆ ਦਾ ਵੀ ਐਲਾਨ ਕੀਤਾ।