Asaram Granted Parole: ਰਾਜਸਥਾਨ ਹਾਈ ਕੋਰਟ ਵੱਲੋਂ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ
Asaram Granted Parole: ਰਾਜਸਥਾਨ ਹਾਈ ਕੋਰਟ ਨੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ 2013 ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ। ਅਦਾਲਤ ਨੇ ਆਖਿਆ ਹੈ ਕਿ ਰਾਜ ਸਰਕਾਰ ਉਸ ਦੀ ਪੈਰੋਲ ਅਰਜ਼ੀ ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਸਹੀ ਸਾਬਤ ਕਰਨ ਵਿੱਚ ਨਾਕਾਮ ਰਹੀ ਹੈ।
ਕਾਰਜਕਾਰੀ ਚੀਫ਼ ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਅਤੇ ਜਸਟਿਸ ਸੰਜੀਤ ਪੁਰੋਹਿਤ ਦੇ ਬੈਂਚ ਨੇ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ 85 ਸਾਲਾ ਆਸਾਰਾਮ ਨੂੰ ਉਸ ਦੀ ਕੈਦ ਦੀ ਮਿਆਦ ਅਤੇ ਪਹਿਲਾਂ ਮਿਲੀ ਅੰਤਰਿਮ ਰਿਹਾਈ ਦੌਰਾਨ ਉਸ ਦੇ ਚੰਗੇ ਚਾਲ-ਚਲਣ ਨੂੰ ਦੇਖਦਿਆਂ ਇਹ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਆਸਾਰਾਮ ਪਹਿਲਾਂ ਹੀ 13 ਸਾਲ, 1 ਮਹੀਨਾ ਅਤੇ 24 ਦਿਨਾਂ ਦੀ ਕੈਦ ਕੱਟ ਚੁੱਕਾ ਹੈ। ਇਹ ਵੀ ਸਾਹਮਣੇ ਆਇਆ ਕਿ ਉਸ ਨੂੰ ਪਹਿਲਾਂ ਵੀ ਕਈ ਵਾਰ ਅੰਤਰਿਮ ਜ਼ਮਾਨਤ ਮਿਲ ਚੁੱਕੀ ਹੈ ਅਤੇ ਅਜਿਹਾ ਕੋਈ ਰਿਕਾਰਡ ਨਹੀਂ ਹੈ ਕਿ ਉਸ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੋਵੇ, ਕਾਨੂੰਨੀ ਪ੍ਰਕਿਰਿਆ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਹੋਵੇ, ਗਵਾਹਾਂ ਨੂੰ ਡਰਾਇਆ ਹੋਵੇ ਜਾਂ ਉਸ ਸਮੇਂ ਕੋਈ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕੀਤੀ ਹੋਵੇ।
ਅਦਾਲਤ ਨੇ ਆਸਾਰਾਮ ਨੂੰ ਪਹਿਲੀ ਨਿਯਮਤ ਪੈਰੋਲ ਦਿੰਦਿਆਂ ਹੁਕਮ ਦਿੱਤਾ ਕਿ ਉਸ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ਅਤੇ 25,000-25,000 ਰੁਪਏ ਦੀਆਂ ਦੋ ਜ਼ਮਾਨਤਾਂ ਦੇਣ ’ਤੇ 20 ਦਿਨਾਂ ਲਈ ਰਿਹਾਅ ਕੀਤਾ ਜਾਵੇ। ਸੁਣਵਾਈ ਦੌਰਾਨ ਰਾਜ ਸਰਕਾਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਆਸਾਰਾਮ ਦੀ ਅਰਜ਼ੀ ਪਹਿਲਾਂ ਜੋਧਪੁਰ ਦੇ ਜ਼ਿਲ੍ਹਾ ਕੁਲੈਕਟਰ ਅਤੇ ਜ਼ਿਲ੍ਹਾ ਮੈਜਿਸਟਰੇਟ ਦੀ ਅਗਵਾਈ ਵਾਲੀ ਕਮੇਟੀ ਵੱਲੋਂ ਰੱਦ ਕਰ ਦਿੱਤੀ ਗਈ ਸੀ।