latest news Punjab

ਬੇਅੰਤ ਸਿੰਘ ਕਤਲ ਕੇਸ: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟ

ਬੇਅੰਤ ਸਿੰਘ ਕਤਲ ਕੇਸ: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟ
  • PublishedSeptember 24, 2025

ਸੁਪਰੀਮ ਕੋਰਟ (Supreme Court of India) ਨੇ ਕੇਂਦਰ ਨੂੰ ਅੱਜ ਪੁੱਛਿਆ ਕਿ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ। ਰਾਜੋਆਣਾ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ। ਇਸ ਕੇਸ ਬਾਰੇ ਵਧੀਕ ਸਾਲਿਸਿਟਰ ਜਨਰਲ ਕੇ ਐਮ ਨਟਰਾਜ ਨੇ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨ ਵੀ ਅੰਜਾਰੀਆ ਦੇ ਬੈਂਚ ਨੂੰ ਜਾਣਕਾਰੀ ਦਿੱਤੀ।

ਬੈਂਚ ਨੇ ਵਧੀਕ ਸਾਲਿਸਿਟਰ ਜਨਰਲ ਨੂੰ ਪੁੱਛਿਆ, ‘ਤੁਸੀਂ ਉਸ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ? ਇਸ ਲਈ ਕੌਣ ਜ਼ਿੰਮੇਵਾਰ ਹੈ। ਘੱਟੋ-ਘੱਟ, ਅਸੀਂ ਫਾਂਸੀ ’ਤੇ ਰੋਕ ਨਹੀਂ ਲਗਾਈ ਹੈ।’ ਸਰਵਉਚ ਅਦਾਲਤ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਸੁਣਵਾਈ ਕਰ ਰਹੀ ਹੈ।

ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਦੀ ਰਹਿਮ ਦੀ ਪਟੀਸ਼ਨ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਰੋਹਤਗੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ ਦਾ ਸਮੇਂ ਸਿਰ ਫੈਸਲਾ ਕੀਤਾ ਜਾਣਾ ਚਾਹੀਦਾ ਹੈ।

ਮਾਮਲੇ ‘ਚ ਅਗਲੀ ਸੁਣਵਾਈ 15 ਅਕਤੂਬਰ ਨੂੰ ਹੋਵੇਗੀ।