Chandigarh Firing: PGI ਨੇੜਲੇ ਸੈਕਟਰ 11 ‘ਚ ‘ਸ੍ਰੀ ਕੁਮਾਰ ਮੈਡੀਕੋਜ਼’ ਸਟੋਰ ’ਤੇ ਗੋਲੀਬਾਰੀ; ਕੈਸ਼ੀਅਰ ਦੀ ਮੌਤ
ਚੰਡੀਗੜ੍ਹ ਦੇ ਸੈਕਟਰ 11 ਸਥਿਤ ਉਘੇ ਮੈਡੀਕਲ ਸਟੋਰ ‘ਸ੍ਰੀ ਕੁਮਾਰ ਮੈਡੀਕੋਜ਼’ ਦੇ ਅੰਦਰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਕੈਸ਼ੀਅਰ ’ਤੇ ਆਟੋਮੈਟਿਕ ਹਥਿਆਰ ਨਾਲ ਤਾਬੜਤੋੜ ਕਈ ਰਾਊਂਡ ਫਾਇਰ ਕੀਤੇ। ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮੈਡੀਕਲ ਸਟੋਰ ਦੇ ਕੈਸ਼ੀਅਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਾਨਕੀ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਉੱਥੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਰਿਹਾ ਸੀ। ਉਹ ਇੱਥੇ ਸੈਕਟਰ 11 ਸਥਿਤ ‘ਸ਼੍ਰੀ ਕੁਮਾਰ ਮੈਡੀਕਲ ਹਾਲ’ ਵਿੱਚ ਬਤੌਰ ਕੈਸ਼ੀਅਰ ਕੰਮ ਕਰਦਾ ਸੀ।
ਦਿਨ-ਦਿਹੜੇ ਹੋਏ ਇਸ ਕਤਲਕਾਂਡ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੂਨੀ ਵਾਰਦਾਤ ਦੁਪਹਿਰ ਕਰੀਬ 3 ਵਜੇ ਵਾਪਰੀ। ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ ਦੇ ਬਾਹਰ ਖੜ੍ਹੇ ਜਾਨਕੀ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਬਦਮਾਸ਼ਾਂ ਨੇ ਕਰੀਬ 16 ਰਾਊਂਡ ਫਾਇਰ ਕੀਤੇ, ਜਿਸ ਕਾਰਨ ਜਾਨਕੀ ਨੂੰ ਕਈ ਗੋਲੀਆਂ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਖ਼ੂਨ ਨਾਲ ਲਹੂ-ਲੁਹਾਨ ਹੋਏ ਜਾਨਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਵਿੱਚ ਅਫ਼ਰਾ-ਤਫ਼ਰੀ ਮਚ ਗਈ।