ਫ਼ਰਜ਼ੀ ਵੀਡੀਓ ਮਾਮਲਾ: ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: Bhagwant Mann
ਲੋਕ ਮਿਲਣੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਝਲੂਰ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਹਨ। ਬਰਨਾਲਾ ਵਿੱਚ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੀਆਂ ਹਨ ਕਿਉਂਕਿ ਉਹ ਸੂਬੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਉਨ੍ਹਾਂ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਵਿਰੋਧੀ ਪਾਰਟੀਆਂ ਧਰਮ ਦੇ ਨਾਂ ’ਤੇ ਫ਼ਰਜ਼ੀ ਵੀਡੀਓ ਅਤੇ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ। ਉਨ੍ਹਾਂ ਦੀ ਸਰਕਾਰ ਨੂੰ ਲੀਹੋਂ ਲਾਹੁਣ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦਾ ਪੂਰਾ ਧਿਆਨ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ’ਤੇ ਕੇਂਦਰਿਤ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਸਾਜ਼ਿਸ਼ ਜਾਂ ਬਦਨਾਮੀ ਦੀ ਮੁਹਿੰਮ ਉਨ੍ਹਾਂ ਨੂੰ ਲੋਕਾਂ ਲਈ ਕੰਮ ਕਰਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਕੋਲ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਮਕਸਦ ਬੇਬੁਨਿਆਦ ਬਿਆਨਬਾਜ਼ੀ ਕਰ ਕੇ ਸਰਕਾਰ ਨੂੰ ਬਦਨਾਮ ਕਰਨਾ ਹੈ। ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜ ਦਿਨਾਂ ਬਾਅਦ ਯਾਨੀ ਪਹਿਲੀ ਜੁਲਾਈ ਤੋਂ ਪੰਜਾਬ ਭਰ ਦੀਆਂ ਔਰਤਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ, “18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਸਬੰਧੀ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਮੈਸੇਜ ਮਿਲਣਗੇ। ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ। ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ।”