FEMA ਉਲੰਘਣਾ ਮਾਮਲਾ: ਕੈਪਟਨ ਅਮਰਿੰਦਰ ਸਿੰਘ ਨੂੰ ED ਨੇ ਭੇਜਿਆ ਸੰਮਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਦਫ਼ਤਰ ਨੇ ਉਨ੍ਹਾਂ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਭਲਕੇ ਯਾਨੀ 12 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।
ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਦੇ ਪੇਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਉਹ ਗੋਡੇ ਦੀ ਸਰਜਰੀ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਹਨ। ਦੂਜੇ ਪਾਸੇ, ED ਦੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਪੇਸ਼ੀ ਤੋਂ ਛੋਟ ਸਬੰਧੀ ਕੋਈ ਅਰਜ਼ੀ ਪ੍ਰਾਪਤ ਨਹੀਂ ਹੋਈ ਹੈ।
ਇਹ ਮਾਮਲਾ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨਾਲ ਜੁੜੀ ਪੁਰਾਣੀ ਜਾਂਚ ਦਾ ਹਿੱਸਾ ਦੱਸਿਆ ਜਾ ਰਿਹਾ ਹੈ। ਰਣਇੰਦਰ ਸਿੰਘ ਤੋਂ ਪਹਿਲਾਂ ਵੀ ਸਵਿਟਜ਼ਰਲੈਂਡ ਵਿੱਚ ਫੰਡਾਂ ਦੀ ਕਥਿਤ ਹੇਰਾਫੇਰੀ ਅਤੇ ‘ਜੈਕਾਰੰਡਾ ਟਰਸਟ’ ਦੇ ਗਠਨ ਨੂੰ ਲੈ ਕੇ ਪੁੱਛਗਿੱਛ ਹੋ ਚੁੱਕੀ ਹੈ। ਇਨਕਮ ਟੈਕਸ ਵਿਭਾਗ ਦੀ ਜਾਂਚ ਮੁਤਾਬਕ ਵਿਦੇਸ਼ਾਂ ਵਿੱਚ ਕੁਝ ਅਜਿਹੀਆਂ ਜਾਇਦਾਦਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ।