Freebies: ਮੁਫ਼ਤ ਬਿਜਲੀ ਅਤੇ ਹੋਰ ਸੌਗਾਤਾਂ ਦੇਣ ਦੀ ਬਜਾਏ ਰੁਜ਼ਗਾਰ ਦੇ ਰਾਹ ਖੋਲ੍ਹਣ ਸੂਬੇ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁਫ਼ਤਖੋਰੀ (freebies) ਦੇ ਸੱਭਿਆਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀਆਂ ਨੀਤੀਆਂ ‘ਤੇ ਮੁੜ ਵਿਚਾਰ ਕਰਨ ਦਾ ਸਹੀ ਸਮਾਂ ਆ ਗਿਆ ਹੈ ਜੋ ਦੇਸ਼ ਦੇ ਆਰਥਿਕ ਵਿਕਾਸ ਵਿੱਚ ਰੁਕਾਵਟ ਪਾਉਂਦੀਆਂ ਹਨ। ਤਾਮਿਲਨਾਡੂ ਪਾਵਰ ਡਿਸਟ੍ਰੀਬਿਊਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਉਸ ਪਟੀਸ਼ਨ ਦਾ ਨੋਟਿਸ ਲੈਂਦਿਆਂ, ਜਿਸ ਵਿੱਚ ਖਪਤਕਾਰਾਂ ਦੀ ਵਿੱਤੀ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਨੂੰ ਮੁਫ਼ਤ ਬਿਜਲੀ ਦੇਣ ਦੀ ਤਜਵੀਜ਼ ਰੱਖੀ ਗਈ ਸੀ, ਸਰਬਉੱਚ ਅਦਾਲਤ ਨੇ ਕਿਹਾ ਕਿ ਜੇਕਰ ਸੂਬੇ ਗਰੀਬਾਂ ਦੀ ਮਦਦ ਕਰਦੇ ਹਨ ਤਾਂ ਇਹ ਗੱਲ ਸਮਝ ਵਿੱਚ ਆਉਂਦੀ ਹੈ।
ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐੱਮ ਪੰਚੋਲੀ ਦੇ ਬੈਂਚ ਨੇ ਕਿਹਾ, “ਦੇਸ਼ ਦੇ ਜ਼ਿਆਦਾਤਰ ਸੂਬੇ ਮਾਲੀਆ ਘਾਟੇ ਵਾਲੇ ਰਾਜ ਹਨ ਅਤੇ ਫਿਰ ਵੀ ਉਹ ਵਿਕਾਸ ਨੂੰ ਅਣਗੌਲਿਆ ਕਰਕੇ ਅਜਿਹੀਆਂ ਮੁਫ਼ਤ ਸਹੂਲਤਾਂ ਦੀ ਪੇਸ਼ਕਸ਼ ਕਰ ਰਹੇ ਹਨ।”
ਬੈਂਚ ਨੇ ਕਿਹਾ ਕਿ ਇਸ ਤਰ੍ਹਾਂ ਦੀ ਖੁੱਲ੍ਹੇ ਦਿਲ ਦੀ ਵੰਡ ਨਾਲ ਦੇਸ਼ ਦਾ ਆਰਥਿਕ ਵਿਕਾਸ ਪ੍ਰਭਾਵਿਤ ਹੁੰਦਾ ਹੈ ਅਤੇ ਸੂਬਿਆਂ ਨੂੰ ਸਾਰਿਆਂ ਨੂੰ ਮੁਫ਼ਤ ਭੋਜਨ, ਸਾਈਕਲ, ਬਿਜਲੀ ਦੇਣ ਦੀ ਬਜਾਏ ਰੁਜ਼ਗਾਰ ਦੇ ਰਾਹ ਖੋਲ੍ਹਣ ਲਈ ਕੰਮ ਕਰਨਾ ਚਾਹੀਦਾ ਹੈ। ਹਾਲਾਂਕਿ, ਸਰਬਉੱਚ ਅਦਾਲਤ ਨੇ ਮੁਫ਼ਤ ਬਿਜਲੀ ਪ੍ਰਦਾਨ ਕਰਨ ਦੀ ਤਜਵੀਜ਼ ਰੱਖਣ ਵਾਲੀ ਡੀਐੱਮਕੇ ਸਰਕਾਰ ਦੀ ਅਗਵਾਈ ਵਾਲੀ ਬਿਜਲੀ ਵੰਡ ਕੰਪਨੀ ਦੀ ਪਟੀਸ਼ਨ ‘ਤੇ ਕੇਂਦਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।