Jagtar Hawara parole: ਜਗਤਾਰ ਸਿੰਘ ਹਵਾਰਾ ਨੂੰ ਸੀਮਿਤ ਸਮੇਂ ਲਈ ਮਿਲ ਸਕਦੀ ਹੈ ਪੈਰੋਲ; ਰਾਜਪਾਲ ਨੇ ਡਾਕਟਰਾਂ ਤੋਂ ਮੰਗੀ ਰਿਪੋਰਟ
ਕੇਂਦਰੀ ਗ੍ਰਹਿ ਮੰਤਰਾਲਾ ਦਿੱਲੀ ਦੀ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮੁੱਢਲੇ ਪੜਾਅ ’ਤੇ ਸੀਮਿਤ ਸਮੇਂ ਲਈ ਪੈਰੋਲ ਦੇਣ ਦੇ ਰੌਂਅ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰ ਦਿਨ ਪਹਿਲਾਂ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮਨੁੱਖੀ ਆਧਾਰ ’ਤੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੀ ਮੰਗ ਕੀਤੀ ਸੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦੂਜੀ ਦਫ਼ਾ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਹਵਾਰਾ ਦੀ ਮਾਤਾ ਜੀ ਦੀ ਸਿਹਤ ਦੇ ਮੱਦੇਨਜ਼ਰ ਪੈਰੋਲ ਦੇਣ ਦੀ ਮੰਗ ਕੀਤੀ।
ਕੇਂਦਰੀ ਗ੍ਰਹਿ ਮੰਤਰਾਲਾ ਜਗਤਾਰ ਸਿੰਘ ਹਵਾਰਾ ਨੂੰ ਕੁਝ ਘੰਟਿਆਂ ਦੀ ਪੈਰੋਲ ਦੇ ਸਕਦਾ ਹੈ ਜਾਂ ਫਿਰ ਇੱਕ ਦਿਨ ਦੀ ਪੈਰੋਲ ਵੀ ਮਿਲ ਸਕਦੀ ਹੈ। ਜਗਤਾਰ ਸਿੰਘ ਹਵਾਰਾ ਨੂੰ ਇੱਕ-ਦੋ ਦਿਨਾਂ ਦੇ ਅੰਤਰਗਤ ਹੀ ਪੈਰੋਲ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਕੋਲ ਇਸ ਗੱਲ ਦੀ ਜ਼ਿੰਮੇਵਾਰੀ ਲਈ ਕਿ ਹਵਾਰਾ ਦੀ ਪੈਰੋਲ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰਹੇਗੀ। ਦੱਸਣਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਕਰੀਬ 31 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ।
ਸਿਆਸੀ ਪ੍ਰਭਾਵ ਅਤੇ ਪੰਥਕ ਧਿਰਾਂ ਦੀ ਮੰਗ
ਸਿਆਸੀ ਨਜ਼ਰੀਏ ਤੋਂ ਦੇਖੀਏ ਤਾਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦੀ ਸੂਰਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਥਕ ਸਫ਼ਾਂ ਵਿੱਚ ਵਾਪਸੀ ਹੋ ਜਾਵੇਗੀ ਅਤੇ ਇਸ ਪੈਰੋਲ ਦੇ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਵੀ ਪ੍ਰਭਾਵਿਤ ਹੋਵੇਗੀ। ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਇਸ ਬਾਬਤ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਵਿੱਚ ਉਨ੍ਹਾਂ ਨੇ ਚਾਰ ਹਫ਼ਤੇ ਦੀ ਪੈਰੋਲ ਦੀ ਮੰਗ ਕੀਤੀ ਹੈ। ਪੰਥਕ ਧਿਰਾਂ ਵੱਲੋਂ ਲੰਮੇ ਅਰਸੇ ਤੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਸੀ।
ਪਿਛੋਕੜ ਅਤੇ ਕੇਸ ਦਾ ਵੇਰਵਾ
ਜਗਤਾਰ ਸਿੰਘ ਹਵਾਰਾ ਨੂੰ 1995 ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੰਬ ਧਮਾਕੇ ਦੀ ਸਾਜ਼ਿਸ਼ ਰਚਣ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਟ੍ਰਾਇਲ ਕੋਰਟ ਨੇ 2007 ਵਿੱਚ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਕਤੂਬਰ 2010 ਵਿੱਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ। ਜਗਤਾਰ ਸਿੰਘ ਹਵਾਰਾ ਇਸ ਵੇਲੇ ਨਵੀਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ। ਪਹਿਲਾਂ ਹਵਾਰਾ ਬੁੜੈਲ ਜੇਲ੍ਹ ਵਿੱਚ ਵੀ ਬੰਦ ਰਿਹਾ ਹੈ, ਜਿੱਥੋਂ ਉਹ ਸੁਰੰਗ ਜ਼ਰੀਏ ਸਾਲ 2004 ਵਿੱਚ ਫ਼ਰਾਰ ਵੀ ਹੋ ਗਿਆ ਸੀ। ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਹੁਣ ਤੱਕ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ।