latest news Punjab

Lawrence of Punjab: ਹਾਈ ਕੋਰਟ ‘ਚ PIL ਰਾਹੀਂ ਵੈੱਬ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ

Lawrence of Punjab: ਹਾਈ ਕੋਰਟ ‘ਚ PIL ਰਾਹੀਂ ਵੈੱਬ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ
  • PublishedApril 22, 2026
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੀਵਨ ’ਤੇ ਆਧਾਰਿਤ ਵੈੱਬ ਸੀਰੀਜ਼ ‘ਲਾਰੈਂਸ ਆਫ਼ ਪੰਜਾਬ’ ਦੀ ਸੰਭਾਵੀ ਰਿਲੀਜ਼ ਨੂੰ ਲੈ ਕੇ ਕਾਨੂੰਨੀ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਇਸ ਦੀ ਰਿਲੀਜ਼ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨਰ ਰਾਜਾ ਵੜਿੰਗ ਨੇ ਖ਼ੁਦ ਨੂੰ ਇੱਕ ਜਾਗਰੂਕ ਨਾਗਰਿਕ ਵਜੋਂ ਪੇਸ਼ ਕਰਦਿਆਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਅਤੇ ਹੋਰ ਸਬੰਧਿਤ ਧਿਰਾਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਸੋਸ਼ਲ ਮੀਡੀਆ ਜਾਂ ਕਿਸੇ ਵੀ ਹੋਰ ਪਲੇਟਫਾਰਮ ’ਤੇ ਇਸ ਸੀਰੀਜ਼ ਨੂੰ ਨਸ਼ਰ ਨਾ ਕੀਤਾ ਜਾਵੇ।
ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਅਪਰਾਧਿਕ ਹਾਲਾਤ ਦੇ ਮੱਦੇਨਜ਼ਰ ਅਜਿਹੀਆਂ ਸੀਰੀਜ਼ ਦੀ ਰਿਲੀਜ਼ ਜਨਤਕ ਹਿੱਤ ਵਿੱਚ ਨਹੀਂ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਵੈੱਬ ਸੀਰੀਜ਼ ਦੀ ਪ੍ਰਚਾਰ ਸਮੱਗਰੀ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੱਕ ਵਿਦਿਆਰਥੀ ਆਗੂ ਤੋਂ ਅਪਰਾਧਿਕ ਸਿੰਡੀਕੇਟ ਦੇ ਸਰਗਣਾ ਬਣਨ ਤੱਕ ਦੇ ਸਫ਼ਰ ਨੂੰ ਦਿਖਾਉਣ ਦੀ ਕੋਸ਼ਿਸ਼ ਕਰਦੀ ਹੈ।
ਰਾਜਾ ਵੜਿੰਗ ਨੇ ਵਕੀਲ ਨਿਖਿਲ ਘਈ ਰਾਹੀਂ ਦਾਇਰ ਪਟੀਸ਼ਨ ਵਿੱਚ ਚਿੰਤਾ ਪ੍ਰਗਟਾਈ ਹੈ ਕਿ ਕਿਸੇ ਅਪਰਾਧੀ ਪ੍ਰਭਾਵ ਨੂੰ ਇਸ ਤਰ੍ਹਾਂ ਫ਼ਿਲਮਾਉਣਾ ਨੌਜਵਾਨਾਂ ਦੇ ਮਨਾਂ ’ਤੇ ਮਾੜਾ ਅਸਰ ਪਾ ਸਕਦਾ ਹੈ ਅਤੇ ਅਪਰਾਧਿਕ ਜੀਵਨ ਨੂੰ ਖਿੱਚ ਭਰਪੂਰ ਬਣਾ ਕੇ ਪੇਸ਼ ਕਰਨ ਦਾ ਗੰਭੀਰ ਖ਼ਤਰਾ ਪੈਦਾ ਕਰਦਾ ਹੈ। ਇਹ ਪਟੀਸ਼ਨ ਬੁੱਧਵਾਰ ਨੂੰ ਵਕੀਲ ਨਿਖਿਲ ਘਈ ਰਾਹੀਂ ਦਾਇਰ ਕੀਤੀ ਗਈ ਸੀ ਤੇ ਉਮੀਦ ਹੈ ਕਿ ਮਾਨਯੋਗ ਅਦਾਲਤ ਵੱਲੋਂ ਜਲਦੀ ਹੀ ਇਸ ਮਾਮਲੇ ‘ਤੇ ਸੁਣਵਾਈ ਕੀਤੀ ਜਾਵੇਗੀ।