LPG Cylinder Price Hike: ਮਹਿੰਗਾਈ ਦੀ ਮਾਰ: ਘਰੇਲੂ ਸਿਲੰਡਰ 60 ਰੁਪਏ ਅਤੇ ਕਮਰਸ਼ੀਅਲ 115 ਰੁਪਏ ਮਹਿੰਗਾ
ਪੱਛਮੀ ਏਸ਼ੀਆ ਵਿੱਚ ਚੱਲ ਰਹੇ ਫੌਜੀ ਟਕਰਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਊਰਜਾ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਹੁਣ ਆਮ ਆਦਮੀ ਦੀ ਜੇਬ ’ਤੇ ਪੈਣਾ ਸ਼ੁਰੂ ਹੋ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਅਨੁਸਾਰ, ਦਿੱਲੀ ਵਿੱਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਦੇ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ 60 ਰੁਪਏ ਵਧ ਕੇ 913 ਰੁਪਏ ਹੋ ਗਈ ਹੈ। ਇਹ ਵਾਧਾ ਅੱਜ 7 ਮਾਰਚ ਤੋਂ ਲਾਗੂ ਹੋ ਗਿਆ ਹੈ।
ਮੁੰਬਈ, ਕੋਲਕਾਤਾ ਅਤੇ ਚੇਨਈ ਵਰਗੇ ਸ਼ਹਿਰਾਂ ਵਿੱਚ ਵੀ ਸਥਾਨਕ ਟੈਕਸਾਂ ਦੇ ਹਿਸਾਬ ਨਾਲ ਕੀਮਤਾਂ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਉੱਜਵਲਾ ਯੋਜਨਾ ਦੇ 10 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੇ 300 ਰੁਪਏ ਦੀ ਸਬਸਿਡੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਦੂਜੇ ਪਾਸੇ, ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਵਰਤੇ ਜਾਣ ਵਾਲੇ 19 ਕਿਲੋਗ੍ਰਾਮ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 114.5 ਰੁਪਏ ਦਾ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਦਿੱਲੀ ਵਿੱਚ ਇਸ ਦੀ ਕੀਮਤ ਹੁਣ 1,883 ਰੁਪਏ ਹੋ ਗਈ ਹੈ।