Lucknow Coaching Centre Fire: ਯੋਗੀ ਸਰਕਾਰ ਵਲੋਂ ਸਿੱਟ ਦਾ ਗਠਨ; ਚਾਰ ਅਧਿਕਾਰੀ ਮੁਅੱਤਲ; ਤਿੰਨ ਗ੍ਰਿਫ਼ਤਾਰ
ਲਖਨਊ ਦੇ ਅਲੀਗੰਜ ਇਲਾਕੇ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਤਿੰਨ-ਮੰਜ਼ਿਲਾ ਵਪਾਰਕ (ਕਮਰਸ਼ੀਅਲ) ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ।
ਯੋਗੀ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਲਾਪ੍ਰਵਾਹੀ ਦੇ ਦੋਸ਼ ਹੇਠ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ। ਦੂਜੇ ਪਾਸੇ ਅੱਗ ਲੱਗਣ ਤੋਂ ਬਾਅਦ ਹਸਪਤਾਲ ਦਾਖਲ ਛੇ ਜਣਿਆਂ ਨੂੰ ਡਿਸਚਾਰਜ ਵੀ ਕਰ ਦਿੱਤਾ ਗਿਆ ਹੈ।
ਪੁਲੀਸ ਨੇ ਐਫਆਈਆਰ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਛੇ ਨਾਮਜ਼ਦ ਮੁਲਜ਼ਮਾਂ ਅਤੇ ਕੁਝ ਹੋਰਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਉੱਤਰ ਪ੍ਰਦੇਸ਼ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਮ ਕ੍ਰਿਸ਼ਨ ਉਪਾਧਿਆਏ (43), ਵੀਰੇਂਦਰ ਪ੍ਰਸਾਦ ਸ਼ੁਕਲਾ (62) ਅਤੇ ਤੁਸ਼ਾਰ ਕ੍ਰਿਸ਼ਨ ਜੈਸਵਾਲ (31) ਵਜੋਂ ਹੋਈ ਹੈ। ਅਧਿਕਾਰੀਆਂ ਮੁਤਾਬਕ ਇਹ ਤਿੰਨੇ ਇਮਾਰਤ ਦੇ ਸਾਂਝੇ ਮਾਲਕ ਹਨ।
ਪੁਲੀਸ ਅਨੁਸਾਰ ਇਮਾਰਤ ਨੂੰ ਰਿਹਾਇਸ਼ੀ ਮਕਾਨ ਵਜੋਂ ਮਨਜ਼ੂਰੀ ਦਿੱਤੀ ਗਈ ਸੀ ਪਰ ਇਸ ਦੀ ਗੈਰ-ਕਾਨੂੰਨੀ ਤੌਰ ’ਤੇ ਵਪਾਰਕ ਗਤੀਵਿਧੀਆਂ ਲਈ ਵਰਤੋਂ ਕੀਤੀ ਜਾ ਰਹੀ ਸੀ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ਦੇ ਅਲੀਗੰਜ ਖੇਤਰ ਵਿੱਚ ਵਾਪਰੇ ਅੱਗ ਕਾਂਡ ਦੀ ਜਾਂਚ ਲਈ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਹੈ। ਇਹ ਫ਼ੈਸਲਾ ਹਾਦਸੇ ਤੋਂ ਬਾਅਦ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।
ਐੱਸਆਈਟੀ ਵਿੱਚ ਸੈਰ-ਸਪਾਟਾ, ਸੱਭਿਆਚਾਰ ਅਤੇ ਧਾਰਮਿਕ ਮਾਮਲਿਆਂ ਦੇ ਵਧੀਕ ਮੁੱਖ ਸਕੱਤਰ ਅੰਮ੍ਰਿਤ ਅਭਿਜਾਤ ਅਤੇ ਲਖਨਊ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਵੀਨ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰ ਨੇ ਟੀਮ ਨੂੰ ਸੱਤ ਦਿਨਾਂ ਅੰਦਰ ਆਪਣੀ ਜਾਂਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।