Panjokhra Sahib: ਗੁਰਸਿਮਰਨ ਮੰਡ ਦੀ ਕੁੱਟਮਾਰ ਦੇ ਮਾਮਲੇ ਵਿਚ ਦੋ ਨੌਜਵਾਨ ਗ੍ਰਿਫ਼ਤਾਰ
Panjokhra Sahib Clash: ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਤੇ ਲੁਧਿਆਣਾ ਦੇ ਆਗੂ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਤੜਕੇ ਪੁਲੀਸ ਵੱਲੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਜਿਨ੍ਹਾਂ ਨੂੰ ਬਾਅਦ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ ਇਕੱਠੇ ਹੋਣ ਤੇ ਰੋਸ ਪ੍ਰਗਟ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਦੱਸਿਆ ਗਿਆ ਹੈ ਕਿ ਦੋਵਾਂ ਦੀ ਗ੍ਰਿਫ਼ਤਾਰੀ ਇਸ ਸਬੰਧੀ ਦਰਜ ਐਫ਼ ਆਈ ਆਰ ਦੇ ਆਧਾਰ ’ਤੇ ਕੀਤੀ ਗਈ ਸੀ। ਇਹ ਘਟਨਾ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਵਾਪਰੀ ਸੀ।
ਗ੍ਰਿਫ਼ਤਾਰੀਆਂ ਦੀ ਸੂਚਨਾ ਮਿਲਦਿਆਂ ਹੀ ਮੈਂਬਰ ਰੁਪਿੰਦਰ ਸਿੰਘ ਦੇ ਸੱਦੇ ’ਤੇ ਸਿੱਖ ਸੰਗਤ ਵੱਡੀ ਗਿਣਤੀ ਵਿੱਚ ਥਾਣਾ ਪੰਜੋਖਰਾ ਸਾਹਿਬ ਦੇ ਬਾਹਰ ਇਕੱਠੀ ਹੋਈ ਅਤੇ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।
ਇਸੇ ਦੌਰਾਨ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗੁਰਦੁਆਰਾ ਸਾਹਿਬ ਦੀ ਸ਼ਾਂਤੀ ਤੇ ਮਰਿਆਦਾ ਭੰਗ ਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਕਰਦਿਆਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ।