PM Modi on drugs: ਨਸ਼ਾ ਕੁਝ ਸਮੇਂ ਲਈ ਤੁਹਾਨੂੰ High ਕਰਦਾ ਹੈ; ਪਰ ਜ਼ਿੰਦਗੀ ਨੂੰ Low ਕਰ ਦਿੰਦਾ ਹੈ: PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਖਾਣ ਲਈ ਕਿਹਾ ਅਤੇ ਆਖਿਆ ਕਿ ਨਸ਼ੇ ਕੁਝ ਸਮੇਂ ਲਈ ‘ਹਾਈ’ (ਉਤਸ਼ਾਹ) ਦੇ ਸਕਦੇ ਹਨ, ਪਰ ਇਹ ਪੂਰੇ ਕਰੀਅਰ ਅਤੇ ਨਿੱਜੀ ਜ਼ਿੰਦਗੀ ਨੂੰ ‘ਲੋ’ (ਕਮਜ਼ੋਰ ਜਾਂ ਬਰਬਾਦ) ਕਰ ਦਿੰਦੇ ਹਨ।
‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕਰਦਿਆਂ, ਮੋਦੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਮਾਨਸਿਕ ਅਤੇ ਸਰੀਰਕ ਤੌਰ ‘ਤੇ ਫਿੱਟ ਹੋਣਾ ਬਹੁਤ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਦਾ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੁਸ਼ਮਣ ਦੇਸ਼ ਆਪਣੀਆਂ ਅਤਿਵਾਦੀ ਯੋਜਨਾਵਾਂ ਦੇ ਹਿੱਸੇ ਵਜੋਂ ਨਸ਼ਿਆਂ ਦੀ ਸਪਲਾਈ ਦੀ ਵਰਤੋਂ ਕਰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ “ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ।”
ਨਸ਼ੇੜੀਆਂ ਦੇ ਆਲੇ-ਦੁਆਲੇ ਦੇ ਸਮਾਜਿਕ ਡਰ ਜਾਂ ਝਿਜਕ ‘ਤੇ ਸਵਾਲ ਉਠਾਉਂਦਿਆਂ, ਮੋਦੀ ਨੇ ਕਿਹਾ ਕਿ ਜਿਹੜੇ ਲੋਕ ਨਸ਼ਾ ਛੱਡ ਕੇ ਬਾਹਰ ਆਉਂਦੇ ਹਨ, ਉਹ ਯੋਧਾ ਹਨ ਅਤੇ ਸਮਾਜ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। “ਸਮਾਜ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਉਨ੍ਹਾਂ ਨੂੰ ਗਲੇ ਲਗਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਦੂਜਾ ਮੌਕਾ ਦੇਣਾ ਚਾਹੀਦਾ ਹੈ,” ਉਨ੍ਹਾਂ ਕਿਹਾ।
ਪ੍ਰਧਾਨ ਮੰਤਰੀ ਨੇ ਜੈੱਨ-ਜ਼ੀ (Gen-Z) ਦੇ ਨੁਮਾਇੰਦਿਆਂ ਵਜੋਂ ਜਾਣੇ ਜਾਂਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਮੌਜੂਦਗੀ ਵਿੱਚ ਵਰਚੁਅਲ ਤਰੀਕੇ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਜਨਤਕ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੇ ਵੱਡੇ ਪੱਧਰ ‘ਤੇ ਪ੍ਰਦਰਸ਼ਨਾਂ ਤੋਂ ਕੁਝ ਦਿਨ ਬਾਅਦ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ “ਸਾਡਾ ਸੱਭਿਆਚਾਰ ਸਾਨੂੰ ਸਿਖਾਉਂਦਾ ਹੈ ਕਿ ਸਮਾਜ, ਯੋਗ ਅਤੇ ਧਿਆਨ ਦੇ ਸਹਿਯੋਗ ਨਾਲ ਨਸ਼ੇ ਨੂੰ ਦੂਰ ਕੀਤਾ ਜਾ ਸਕਦਾ ਹੈ।” ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਨਸ਼ਾ ਮੁਕਤ ਯੁਵਾ’ ਮੁਹਿੰਮ ਵਿਅਕਤੀ, ਪਰਿਵਾਰ, ਸਮਾਜ ਅਤੇ ਸਭ ਤੋਂ ਮਹੱਤਵਪੂਰਨ ਤੌਰ ‘ਤੇ ਕੌਮ ਲਈ ਇੱਕ ਸੰਕਲਪ ਹੈ ਅਤੇ ਇਸ ਪਹਿਲਕਦਮੀ ਦਾ ਨਾਮ ਹੀ ਇਸ ਦੇ ਉਦੇਸ਼ ਨੂੰ ਦਰਸਾਉਂਦਾ ਹੈ।
“ਜਦੋਂ ਦੇਸ਼ ਨੇ ਇੱਕ ਵਿਕਸਿਤ ਭਾਰਤ ਬਣਾਉਣ ਦਾ ਟੀਚਾ ਮਿੱਥਿਆ ਹੈ, ਤਾਂ ਇਹ ਜ਼ਰੂਰੀ ਹੈ ਕਿ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਅਤੇ ਸਵੈ-ਵਿਸ਼ਵਾਸ ਨਾਲ ਭਰਪੂਰ ਰਹਿਣ ਲਈ ਨੁਕਸਾਨਦੇਹ ਨਸ਼ਿਆਂ ਤੋਂ ਦੂਰ ਰਹਿਣ,” ਮੋਦੀ ਨੇ ਕਿਹਾ। “ਇਸ ਮੁਹਿੰਮ ਦਾ ਉਦੇਸ਼ ਇਹੀ ਹੈ,” ਉਨ੍ਹਾਂ ਨੇ ਸਾਰਿਆਂ ਨੂੰ ਇਹ ਯਕੀਨੀ ਬਣਾਉਣ ਲਈ ਪ੍ਰਣ ਲੈਣ ਦੀ ਅਪੀਲ ਕੀਤੀ ਕਿ ਨੌਜਵਾਨ ਨਸ਼ੇ ਦੀ ਲਤ ਦੇ ਖ਼ਤਰਿਆਂ ਨੂੰ ਸਮਝਣ ਅਤੇ ਹਰ ਸੰਭਵ ਤਰੀਕੇ ਨਾਲ ਸੁਚੇਤ ਅਤੇ ਚੌਕਸ ਰਹਿਣ। “ਅੱਜ ਤੋਂ ਦੇਸ਼ ਭਰ ਵਿੱਚ ਨਸ਼ਾ ਮੁਕਤ ਯੁਵਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਜਦੋਂ ਇਹ ਇੱਕ ਸਮੂਹਿਕ ਮੁਹਿੰਮ ਬਣ ਜਾਂਦੀ ਹੈ, ਤਾਂ ਉਹ ਲੋਕ ਵੀ ਜਿਹੜੇ ਆਪਣੇ ਤੌਰ ‘ਤੇ ਕੁਝ ਕਰਨ ਦੇ ਸਮਰੱਥ ਨਹੀਂ ਹਨ, ਉਨ੍ਹਾਂ ਨੂੰ ਨਵੀਂ ਊਰਜਾ ਮਿਲੇਗੀ।”