PRTC Strike: ਪੰਜਾਬ ’ਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਦੂਜੇ ਦਿਨ ਵੀ ਜਾਰੀ; ਮੁਸਾਫ਼ਰ ਹੋਏ ਖੱਜਲ- ਖ਼ੁਆਰ
ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਦਰਮਿਆਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. (PRTC) ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਵੀਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ। ਪੰਜਾਬ ਭਰ ਦੇ 27 ਡਿਪੂਆਂ ਦੇ ਲਗਭਗ 8,000 ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ, ਜਿਸ ਕਾਰਨ ਆਮ ਜਨਤਾ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੁੱਧਵਾਰ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਈ ਲੰਬੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ। ਬੱਸ ਅੱਡਿਆਂ ’ਤੇ ਸਵਾਰੀਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਲੋਕ ਮਜਬੂਰਨ ਪ੍ਰਾਈਵੇਟ ਬੱਸਾਂ ਜਾਂ ਹੋਰ ਸਾਧਨਾਂ ਦੀ ਵਰਤੋਂ ਕਰ ਰਹੇ ਹਨ।
ਯੂਨੀਅਨ ਆਗੂ ਹਰਕੇਸ਼ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਪਿਛਲੇ ਅੰਦੋਲਨਾਂ ਦੌਰਾਨ ਜੇਲ੍ਹ ਭੇਜੇ ਗਏ ਸਾਥੀਆਂ ਦੀ ਤੁਰੰਤ ਰਿਹਾਈ ਅਤੇ ਕਿਲੋਮੀਟਰ ਸਕੀਮ ਤਹਿਤ ਹੋ ਰਹੇ ਨਿੱਜੀਕਰਨ ਨੂੰ ਰੋਕਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਾਅਦੇ ਕਰਕੇ ਮੁਕਰ ਰਹੀ ਹੈ ਅਤੇ ਮੁਲਾਜ਼ਮਾਂ ’ਤੇ ਇਰਾਦਾ ਕਤਲ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਇਸ ਹੜਤਾਲ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਇਹ ਲੜਾਈ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਹੈ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸੂਬੇ ਭਰ ਵਿੱਚ ਪੁਲੀਸ ਤੈਨਾਤ ਕੀਤੀ ਗਈ ਹੈ, ਜਦaਕਿ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ।