Punjab News: CBI ਅਦਾਲਤ ਨੇ ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ
ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਦੀ ਚੰਡੀਗੜ੍ਹ ਅਦਾਲਤ ਨੇ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਅਧਿਕਾਰੀਆਂ ਦੇ ਨਾਮ ‘ਤੇ 20 ਲੱਖ ਰੁਪਏ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਰਾਘਵ ਗੋਇਲ ਅਤੇ ਵਿਕਾਸ ਉਰਫ਼ ਵਿੱਕੀ ਗੋਇਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦੋਵਾਂ ਮੁਲਜ਼ਮਾਂ ਨੂੰ ਤਿੰਨ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਸੀ ਬੀ ਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪਹਿਲਾਂ ਹੀ ਇੱਕ ਹੋਰ ਮੁਲਜ਼ਮ ਅੰਕਿਤ ਵਧਵਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਤਿੰਨੋਂ ਮੁਲਜ਼ਮਾਂ ਨੂੰ ਪੰਜਾਬ ਰਾਜ ਟੈਕਸ ਅਫ਼ਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਸੀ ਬੀ ਆਈ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਵਿਕਾਸ ਉਰਫ਼ ਵਿੱਕੀ ਗੋਇਲ ਅਤੇ ਉਸ ਦੇ ਪੁੱਤਰ ਰਾਘਵ ਗੋਇਲ ਨੇ ਡੀ ਜੀ (ਵਿਜੀਲੈਂਸ) ਪੰਜਾਬ ਦੇ ਦਫ਼ਤਰ ਵਿੱਚ ਉਸ ਦੇ ਖ਼ਿਲਾਫ਼ ਪੈਂਡਿੰਗ ਸ਼ਿਕਾਇਤ ਨੂੰ ਬੰਦ ਕਰਵਾਉਣ ਬਦਲੇ 20 ਲੱਖ ਰੁਪਏ ਦੀ ਮੰਗ ਕੀਤੀ ਸੀ।
ਇਹ ਦੋਸ਼ ਲਗਾਇਆ ਗਿਆ ਸੀ ਕਿ ਦੋਵੇਂ ਮੁਲਜ਼ਮ ਡੀ ਜੀ ਪੀ ਵਿਜੀਲੈਂਸ ਪੰਜਾਬ ਦੇ ਰੀਡਰ ਸਮੇਤ ਸੀਨੀਅਰ ਵਿਜੀਲੈਂਸ ਅਧਿਕਾਰੀਆਂ ਲਈ ਵਿਚੋਲੇ ਵਜੋਂ ਕੰਮ ਕਰ ਰਹੇ ਸਨ ਅਤੇ ਸ਼ਿਕਾਇਤਕਰਤਾ ਨੂੰ ਭਰੋਸਾ ਦਿਵਾਉਣ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰ ਰਹੇ ਸਨ ਕਿ ਉਸ ਦਾ ਮਾਮਲਾ ਸੁਲਝਾਇਆ ਜਾ ਸਕਦਾ ਹੈ। ਡੀ ਜੀ ਵਿਜੀਲੈਂਸ ਦੇ ਰੀਡਰ ਓ ਪੀ ਰਾਣਾ ਨੇ ਰਿਸ਼ਵਤ ਦੀ ਰਕਮ ਅਦਾ ਹੋਣ ਤੋਂ ਬਾਅਦ ਸ਼ਿਕਾਇਤ ਬੰਦ ਕਰਨ ਦਾ ਭਰੋਸਾ ਦਿੱਤਾ ਸੀ।