Blog

Punjab School News: ਬੱਚਿਆਂ ਦੀ ਹਾਜ਼ਰੀ ਅਤੇ ਗ਼ੈਰ-ਹਾਜ਼ਰੀ ਬਾਰੇ ਮਾਪਿਆਂ ਨੂੰ ਰੋਜ਼ਾਨਾ ਮਿਲਣਗੇ SMS

Punjab School News: ਬੱਚਿਆਂ ਦੀ ਹਾਜ਼ਰੀ ਅਤੇ ਗ਼ੈਰ-ਹਾਜ਼ਰੀ ਬਾਰੇ ਮਾਪਿਆਂ ਨੂੰ ਰੋਜ਼ਾਨਾ ਮਿਲਣਗੇ SMS
  • PublishedApril 9, 2026

ਪੰਜਾਬ ਸਰਕਾਰ ਨੇ ਆਪਣੇ ਵਿਦਿਅਕ ਪ੍ਰੋਗਰਾਮ ਮਿਸ਼ਨ ਸਮਰੱਥ 4.0 ਤਹਿਤ ਪੂਰੇ ਸੂਬੇ ਵਿੱਚ ਹਾਜ਼ਰੀ ਟ੍ਰੈਕਿੰਗ ਸਿਸਟਮ ਸ਼ੁਰੂ ਕੀਤਾ ਹੈ। ਹੁਣ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਕੂਲ ਹਾਜ਼ਰੀ ਬਾਰੇ ਰੋਜ਼ਾਨਾ SMS ਅਲਰਟ ਮਿਲਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਇੱਕ ਵੱਡੀ ਪੁਲਾਂਘ ਦੱਸਦਿਆਂ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ PARAKH ਸਰਵੇਖਣ ਵਿੱਚ ਪਹਿਲੇ ਨੰਬਰ ’ਤੇ ਹੈ, ਹੁਣ ਜਵਾਬਦੇਹੀ ਅਤੇ ਬਿਹਤਰ ਅਧਿਆਪਨ ਤਰੀਕਿਆਂ ਵਿਚ ਵੀ ਪੰਜਾਬ ਅੱਗੇ ਵੱਧ ਰਿਹਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਿੱਖਿਆ ਬਜਟ ਨੂੰ 2021-22 ਵਿੱਚ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਫੰਡ ਸਿਰਫ਼ ਫ਼ਾਈਲਾਂ ਵਿੱਚ ਨਾ ਰਹਿਣ ਬਲਕਿ ਸਿੱਧੇ ਸਕੂਲਾਂ ਤੱਕ ਪਹੁੰਚਣ। ਇਸ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਬੱਚਿਆਂ ਦੀ ਪੜ੍ਹਾਈ ਦੇ ਨਤੀਜਿਆਂ ਵਿੱਚ ਵੱਡਾ ਬਦਲਾਅ ਆਇਆ ਹੈ।

ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ 3ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮਾਹਰ ਬਣਾਉਣਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਨੂੰ ਪਛਾੜ ਦਿੱਤਾ ਹੈ। ਹੁਣ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਕੈਂਪਸ ਮੈਨੇਜਰ ਹੈ ਅਤੇ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਵਿੱਚ ਸੁਰੱਖਿਆ ਗਾਰਡ ਅਤੇ ਸਫ਼ਾਈ ਸਟਾਫ਼ ਮੁਹੱਈਆ ਕਰਵਾਇਆ ਗਿਆ ਹੈ।

ਇਸ ਮੌਕੇ ਹਰਜੋਤ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ। ਇਸ ਵਿੱਚ ਪੰਜਾਬ ਦੇ ਅਧਿਆਪਕਾਂ ਵਲੋਂ ਵਿਕਸਤ ਕੀਤੇ ਗਏ 38 ਸਫਲ ਤਰੀਕਿਆਂ ਦਾ ਵੇਰਵਾ ਹੈ ਜਿਨ੍ਹਾਂ ਨੂੰ ਹੁਣ ਸਾਰੇ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਿਸੋਦੀਆ ਨੇ ਕਿਹਾ ਕਿ ਜਦੋਂ ਕਿਸੇ ਕੰਮ ਵਿੱਚ ਰੁੱਝੇ ਹੋਏ ਮਾਪਿਆਂ ਨੂੰ ਇਹ ਮੈਸੇਜ ਮਿਲਦਾ ਹੈ ਕਿ ਤੁਹਾਡਾ ਬੱਚਾ ਸੁਰੱਖਿਅਤ ਸਕੂਲ ਪਹੁੰਚ ਗਿਆ ਹੈ, ਤਾਂ ਉਹ ਭਰੋਸਾ ਕਿਸੇ ਵੀ ਵੱਡੇ ਐਲਾਨ ਨਾਲੋਂ ਕਿਤੇ ਵੱਧ ਕੀਮਤੀ ਹੁੰਦਾ ਹੈ।

ਅੰਤ ਵਿੱਚ ਮੰਤਰੀ ਨੇ ਕਿਹਾ ਕਿ ਹਰ ਬੱਚਾ IIT ਨਹੀਂ ਜਾ ਸਕਦਾ ਪਰ ਸਰਕਾਰ ਦਾ ਫ਼ਰਜ਼ ਹੈ ਕਿ ਕੋਈ ਵੀ ਬੱਚਾ ਸਿੱਖਿਆ ਦੇ ਬੁਨਿਆਦੀ ਪੱਧਰ ਤੋਂ ਹੇਠਾਂ ਨਾ ਰਹੇ। ਬੱਚਾ ਸਿਰਫ਼ ਇੱਕ ਅੰਕੜਾ ਨਹੀਂ, ਸਗੋਂ ਇੱਕ ਉਮੀਦ ਹੈ।