Chandigarh ‘ਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ, ਬਿਲਡਿੰਗ ਨਿਯਮਾਂ ਦੀ ਉਲੰਘਣਾ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ
ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਸ਼ਹੂਰ ਰੈਪਰ ਬਾਦਸ਼ਾਹ ਦੇ ਕਲੱਬ ਨੂੰ ਮੰਗਲਵਾਰ ਸਵੇਰੇ ਪ੍ਰਸ਼ਾਸਨ ਦੀ ਬਿਲਡਿੰਗ ਬ੍ਰਾਂਚ ਵੱਲੋਂ ਸੀਲ ਕਰ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਕਲੱਬ ਪ੍ਰਬੰਧਕਾਂ ਨੂੰ ਇਮਾਰਤੀ ਨਿਯਮਾਂ ਦੀ ਉਲੰਘਣਾ ਲਈ ਕਈ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਨੂੰ ਕਮੀਆਂ ਨੂੰ ਦੂਰ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ।
ਜਿਸ ਕਾਰਨ ਕਲੱਬ ਨੂੰ ਸੀਲ ਕਰਨ ਦਾ ਫੈਸਲਾ ਲਿਆ ਗਿਆ। ਪ੍ਰਸ਼ਾਸਨ ਨੇ ਦੱਸਿਆ ਕਿ ਕਲੱਬ ਵਿੱਚ ਮਨਜ਼ੂਰਸ਼ੁਦਾ ਨਕਸ਼ੇ ਅਤੇ ਬਿਲਡਿੰਗ ਨਿਯਮਾਂ ਨਾਲ ਜੁੜੀਆਂ ਕਈ ਉਲੰਘਣਾਵਾਂ ਸਾਹਮਣੇ ਆਈਆਂ ਸਨ। ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ ਤਸੱਲੀਬਖਸ਼ ਜਵਾਬ ਅਤੇ ਨਿਯਮਾਂ ਦੀ ਪਾਲਣਾ ਨਾ ਹੋਣ ਕਾਰਨ ਇਮਾਰਤੀ ਸ਼ਾਖਾ ਦੀ ਟੀਮ ਮੌਕੇ ‘ਤੇ ਪਹੁੰਚ ਕੇ ਸੀਲਿੰਗ ਦੀ ਕਾਰਵਾਈ ਕੀਤੀ।
ਜ਼ਿਕਰਯੋਗ ਹੈ ਕਿ ਇਹ ਕਲੱਬ ਪਹਿਲਾਂ ਵੀ ਇਕ ਵੱਡੇ ਵਿਵਾਦ ਕਾਰਨ ਚਰਚਾ ਵਿੱਚ ਆਇਆ ਸੀ। ਕਲੱਬ ਦੇ ਬਾਹਰ ਹੋਏ ਧਮਾਕਿਆਂ ਦੀ ਜ਼ਿੰਮੇਵਾਰੀ ਕਥਿਤ ਤੌਰ ‘ਤੇ Goldy Brar ਅਤੇ Rohit Godara ਵੱਲੋਂ ਸੋਸ਼ਲ ਮੀਡੀਆ ਰਾਹੀਂ ਲਈ ਗਈ ਸੀ।
ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਲੱਬ ਸੰਚਾਲਕਾਂ ਤੋਂ ਕਥਿਤ ਤੌਰ ‘ਤੇ ਪ੍ਰੋਟੈਕਸ਼ਨ ਮਨੀ ਮੰਗੀ ਗਈ ਸੀ ਅਤੇ ਮੰਗ ਪੂਰੀ ਨਾ ਹੋਣ ‘ਤੇ ਧਮਾਕੇ ਕੀਤੇ ਗਏ। ਹਾਲਾਂਕਿ ਇਸ ਮਾਮਲੇ ਦੀ ਜਾਂਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਸੀ। ਹੁਣ ਇੱਕ ਵਾਰ ਫਿਰ ਇਹ ਕਲੱਬ ਪ੍ਰਸ਼ਾਸਨ ਦੀ ਕਾਰਵਾਈ ਕਾਰਨ ਸੁਰਖੀਆਂ ਵਿੱਚ ਆ ਗਿਆ ਹੈ।