latest news Punjab

SC Commission Summons: ਬੈਂਡ-ਵਾਜੇ ਵਾਲੀ ਟਿੱਪਣੀ ਪਈ ਮਹਿੰਗੀ: ਐੱਸ.ਸੀ. ਕਮਿਸ਼ਨ ਵੱਲੋਂ Partap Bajwa ਤਲਬ

SC Commission Summons: ਬੈਂਡ-ਵਾਜੇ ਵਾਲੀ ਟਿੱਪਣੀ ਪਈ ਮਹਿੰਗੀ: ਐੱਸ.ਸੀ. ਕਮਿਸ਼ਨ ਵੱਲੋਂ Partap Bajwa ਤਲਬ
  • PublishedFebruary 9, 2026

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਬੈਂਡ ਵਾਜੇ ਵਾਲੀ ਟਿੱਪਣੀ ਦੇ ਮਾਮਲੇ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕਰ ਲਿਆ ਹੈ। ਕਮਿਸ਼ਨ ਨੇ ਅੱਜ ਨੋਟਿਸ ਭੇਜ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਮਿਸ਼ਨ ਅੱਗੇ 11 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਪੇਸ਼ ਹੋਣ ਲਈ ਕਿਹਾ ਹੈ। ਇਸੇ ਦੌਰਾਨ ਕਮਿਸ਼ਨ ਨੇ ਐੱਸ.ਐੱਸ.ਪੀ ਅੰਮ੍ਰਿਤਸਰ ਤੋਂ ਵੀ ਇਸ ਬਾਰੇ ਕਾਨੂੰਨੀ ਰਿਪੋਰਟ ਮੰਗ ਲਈ ਗਈ ਹੈ।

ਚੇਤੇ ਰਹੇ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਸਿਆਸੀ ਰੈਲੀ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਹਵਾਲੇ ਨਾਲ ਇੱਕ ਟਿੱਪਣੀ ਕੀਤੀ ਸੀ ਜਿਸ ਨੂੰ ‘ਆਪ’ ਨੇ ਦਲਿਤ ਵਰਗ ’ਤੇ ਹਮਲਾ ਦੱਸਿਆ। ਆਮ ਆਦਮੀ ਪਾਰਟੀ ਦੇ ਆਗੂ ਆਖ ਰਹੇ ਹਨ ਕਿ ਬਾਜਵਾ ਨੇ ਕੈਬਨਿਟ ਮੰਤਰੀ ਈ.ਟੀ.ਓ ਦੇ ਪਰਿਵਾਰਕ ਕਿੱਤੇ ਬਾਰੇ ਅਸੱਭਿਅਕ ਭਾਸ਼ਾ ਦੀ ਵਰਤੋਂ ਕੀਤੀ ਹੈ। ਆਮ ਆਦਮੀ ਪਾਰਟੀ ਨੇ ਅੱਜ ਬਾਜਵਾ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਅੱਗੇ ਪ੍ਰਦਰਸ਼ਨ ਵੀ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਵਿਧਾਇਕਾਂ ਤੇ ਵਜ਼ੀਰਾਂ ਦੇ ਜ਼ਿਕਰ ਦੌਰਾਨ ਹਰਭਜਨ ਸਿੰਘ ਨੂੰ ਆਮ ਘਰਾਂ ਦਾ ਵਿਅਕਤੀ ਦੱਸਦਿਆਂ ਉਸ ਦੇ ਪਰਿਵਾਰਕ ਪਿਛੋਕੜ ਦਾ ਹਵਾਲਾ ਵੀ ਦਿੱਤਾ ਸੀ। ਹੁਣ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਆਸੀ ਰੈਲੀ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਪਰਿਵਾਰਕ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ‘ਮੰਤਰੀ ਦੀ ਬੈਂਡ ਵਜਾ ਦਿਆਂਗੇ’।

ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਅਨੁਸੂਚਿਤ ਜਾਤੀਆਂ ਦਾ ਅਪਮਾਨ ਸਹਿਣ ਨਹੀਂ ਕੀਤਾ ਜਾਵੇਗਾ। ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਆਖ ਚੁੱਕੇ ਹਨ ਕਿ ਬਾਜਵਾ ਦੇ ਭਾਸ਼ਣ ’ਚ ਕਿਧਰੇ ਵੀ ਦਲਿਤ ਵਰਗ ਦਾ ਅਪਮਾਨ ਵਰਗੀ ਟਿੱਪਣੀ ਨਹੀਂ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਮਿਸ਼ਨ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਤਲਬ ਕੀਤਾ ਸੀ।