latest news Punjab

SGPC ਪ੍ਰਧਾਨ ਧਾਮੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ

SGPC ਪ੍ਰਧਾਨ ਧਾਮੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ
  • PublishedJuly 13, 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਕਰਤਾਰਪੁਰ ਲਾਂਘਾ ਤੁਰੰਤ ਮੁੜ ਖੋਲ੍ਹੇ।

ਆਪਣੇ ਪੱਤਰ ਵਿੱਚ ਧਾਮੀ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਬਹੁਤ ਜ਼ਿਆਦਾ ਧਾਰਮਿਕ ਮਹੱਤਤਾ ਰੱਖਦਾ ਹੈ ਕਿਉਂਕਿ ਇਹ ਉਹ ਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ਦਾ ਪ੍ਰਚਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਦੇ ਇਸ ਅਸਥਾਨ ਨਾਲ ਡੂੰਘੇ ਭਾਵਨਾਤਮਕ ਸਬੰਧ ਹਨ ਅਤੇ ਉਹ ਉੱਥੇ ਨਤਮਸਤਕ ਹੋਣ ਲਈ ਤਾਂਘਦੇ ਹਨ।

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਨਵੰਬਰ 2019 ਵਿੱਚ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਨੂੰ ਯਾਦ ਕਰਦਿਆਂ ਧਾਮੀ ਨੇ ਕਿਹਾ ਕਿ ਇਸ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਛਾ ਨੂੰ ਪੂਰਾ ਕੀਤਾ, ਜਿਸ ਨਾਲ ਲੱਖਾਂ ਸ਼ਰਧਾਲੂਆਂ ਨੂੰ ਇਤਿਹਾਸਕ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਹਾਲਾਂਕਿ, ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੁਰੱਖਿਆ ਚਿੰਤਾਵਾਂ ਕਾਰਨ ਲਾਂਘੇ ਰਾਹੀਂ ਆਵਾਜਾਈ ਮੁਅੱਤਲ ਹੋਣ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਡੂੰਘੀ ਨਿਰਾਸ਼ਾ ਪੈਦਾ ਹੋਈ ਹੈ।

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਲਾਂਘਾ ਮੁੜ ਖੋਲ੍ਹਣ ਦੀ ਪਹਿਲਾਂ ਵੀ ਮੰਗ ਕੀਤੀ ਗਈ ਹੈ ਜਿਸ ਵਿਚ ਐੱਸਜੀਪੀਸੀ ਨੇ ਵਾਰ-ਵਾਰ ਮਤੇ ਪਾਸ ਕੀਤੇ ਹਨ ਅਤੇ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਸਮੇਤ ਕੇਂਦਰ ਨੂੰ ਮੰਗ ਪੱਤਰ ਸੌਂਪੇ ਹਨ।

ਧਾਮੀ ਨੇ ਕਿਹਾ ਕਿ ਲਾਂਘਾ ਮੁੜ ਖੋਲ੍ਹਣਾ ਸਿਰਫ਼ ਧਾਰਮਿਕ ਯਾਤਰਾ ਨੂੰ ਬਹਾਲ ਕਰਨ ਬਾਰੇ ਨਹੀਂ ਹੈ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਬਾਰੇ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਧਰਮ ਵਿੱਚ ਅਸਥਾਨ ਦੀ ਵਿਲੱਖਣ ਮਹੱਤਤਾ ਦੇ ਮੱਦੇਨਜ਼ਰ ਇਸ ਮੁੱਦੇ ਨੂੰ ਪਹਿਲ ਦੇਣ ਅਤੇ ਸਬੰਧਤ ਮੰਤਰਾਲਿਆਂ ਨੂੰ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਕਦਮ ਚੁੱਕਣ ਦੇ ਨਿਰਦੇਸ਼ ਦੇਣ।