India latest news

Tarun Tejpal Convicted: ਤਰੁਣ ਤੇਜਪਾਲ ਨੂੰ 2013 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 10 ਸਾਲ ਦੀ ਕੈਦ ਦੀ ਸਜ਼ਾ

Tarun Tejpal Convicted: ਤਰੁਣ ਤੇਜਪਾਲ ਨੂੰ 2013 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 10 ਸਾਲ ਦੀ ਕੈਦ ਦੀ ਸਜ਼ਾ
  • PublishedAugust 6, 2026

Tarun Tejpal Convicted: ਤਹਿਲਕਾ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ ਬੰਬੇ ਹਾਈ ਕੋਰਟ ਦੇ ਗੋਆ ਬੈਂਚ ਵੱਲੋਂ 2013 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਤੇਜਪਾਲ ਨੂੰ ਬਰੀ ਕਰਨ ਦੀ ਫ਼ੈਸਲੇ ਨੂੰ ਰੱਦ ਕੀਤਾ ਤੇ ਹੁਣ ਉਸ ਨੂੰ ਜਬਰ ਜਨਾਹ ਅਤੇ ਔਰਤ ਦੀ ਮਰਿਆਦਾ ਨੂੰ ਭੰਗ ਕਰਨ ਦਾ ਦੋਸ਼ੀ ਕਰਾਰ ਦਿੱਤਾ। ਗੋਆ ਸਰਕਾਰ ਵੱਲੋਂ ਸਾਲ 2021 ਵਿੱਚ ਹੇਠਲੀ ਅਦਾਲਤ (ਗੋਆ ਸੈਸ਼ਨ ਕੋਰਟ) ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿੱਚ ਤੇਜਪਾਲ ਨੂੰ ਬਰੀ ਕਰ ਦਿੱਤਾ ਗਿਆ ਸੀ ਅਤੇ ਇਸੇ ਅਪੀਲ ਉੱਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ।

ਇਹ ਪੂਰਾ ਮਾਮਲਾ 7 ਅਤੇ 8 ਨਵੰਬਰ 2013 ਨੂੰ ਇੱਕ ਹੋਟਲ ਦੀ ਲਿਫ਼ਟ ਦੇ ਅੰਦਰ ਆਪਣੀ ਜੂਨੀਅਰ ਮਹਿਲਾ ਸਹਿਕਰਮੀ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਤਰੁਣ ਤੇਜਪਾਲ ਨੂੰ 30 ਨਵੰਬਰ 2013 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 29 ਸਤੰਬਰ 2017 ਨੂੰ ਅਦਾਲਤ ਨੇ ਉਸ ਵਿਰੁੱਧ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਬਰ ਜਨਾਹ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਬੰਦੀ ਬਣਾਉਣ ਵਰਗੇ ਦੋਸ਼ ਤੈਅ ਕੀਤੇ ਸਨ, ਹਾਲਾਂਕਿ ਤੇਜਪਾਲ ਨੇ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਦੋਸ਼ ਤੈਅ ਹੋਣ ਤੋਂ ਬਾਅਦ ਤੇਜਪਾਲ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਰੁਖ਼ ਵੀ ਕੀਤਾ ਸੀ ਪਰ ਦੇਸ਼ ਦੀ ਸਰਵਉੱਚ ਅਦਾਲਤ ਨੇ ਦੋਸ਼ਾਂ ਨੂੰ ਰੱਦ ਕਰਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਸੀ ਅਤੇ ਕੇਸ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਸਨ।

ਮਈ 2021 ਵਿੱਚ ਗੋਆ ਦੀ ਇੱਕ ਸੈਸ਼ਨ ਕੋਰਟ ਨੇ ਇਸ ਮਾਮਲੇ ਵਿੱਚ ਫ਼ੈਸਲਾ ਸੁਣਾਉਂਦਿਆਂ ਤਰੁਣ ਤੇਜਪਾਲ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਟ੍ਰਾਇਲ ਕੋਰਟ ਨੇ ਇਹ ਤਰਕ ਦਿੱਤਾ ਸੀ ਕਿ ਸਰਕਾਰੀ ਪੱਖ ਆਪਣਾ ਕੇਸ ਸ਼ੱਕ ਤੋਂ ਪਰ੍ਹੇ ਸਾਬਤ ਕਰਨ ਵਿੱਚ ਅਸਫ਼ਲ ਰਿਹਾ ਹੈ। ਹੇਠਲੀ ਅਦਾਲਤ ਨੇ ਮੈਡੀਕਲ ਸਬੂਤਾਂ ਦੀ ਘਾਟ ਦਾ ਹਵਾਲਾ ਦਿੱਤਾ ਸੀ ਅਤੇ ਸ਼ਿਕਾਇਤਕਰਤਾ ਤੇ ਤੇਜਪਾਲ ਵਿਚਕਾਰ ਹੋਈਆਂ ਮੈਸੇਜਾਂ ਦੀ ਚਰਚਾ ਉੱਤੇ ਭਰੋਸਾ ਜਤਾਇਆ ਸੀ, ਜਿਸ ਤੋਂ ਬਾਅਦ ਇਹ ਸਿੱਟਾ ਕੱਢਿਆ ਗਿਆ ਸੀ ਕਿ ਉਹ ਸੁਨੇਹੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਕਰਦੇ ਕਿ ਪੀੜਤਾ ਨੂੰ ਕਥਿਤ ਹਮਲੇ ਕਾਰਨ ਕੋਈ ਗੰਭੀਰ ਮਾਨਸਿਕ ਸਦਮਾ ਪਹੁੰਚਿਆ ਸੀ।

ਪਰ ਹੁਣ ਬੰਬੇ ਹਾਈ ਕੋਰਟ ਦੀ ਗੋਆ ਬੈਂਚ ਨੇ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਪਲਟਦਿਆਂ ਤਰੁਣ ਤੇਜਪਾਲ ਨੂੰ ਇਸ ਗੰਭੀਰ ਮਾਮਲੇ ਵਿੱਚ ਦੋਸ਼ੀ ਠਹਿਰਾ ਦਿੱਤਾ ਹੈ ਅਤੇ 10 ਸਾਲ ਦੀ ਸਜ਼ਾ ਸੁਣਾਈ ਹੈ।