Viral video row: CM ਮਾਨ ਖਿਲਾਫ ਸ੍ਰੀ ਅਕਾਲ ਤਖ਼ਤ ਦੇ ਮਤੇ ਉੱਤੇ ਪੰਥਕ ਇਕੱਠ ਨੇ ਲਾਈ ਮੋਹਰ
ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਠ ਨੇ ਇੱਕ ਮਤਾ ਪਾਸ ਕਰਕੇ ਸ੍ਰੀ ਅਕਾਲ ਤਖਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਦੋਖੀ ਕਰਾਰ ਦੇਣ ਦੇ ਗੁਰਮਤੇ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਕਰਾਰ ਦਿੱਤਾ ਹੈ। ਮਤੇ ਵਿੱਚ ਆਖਿਆ ਗਿਆ ਹੈ ਕਿ ਭਗਵੰਤ ਮਾਨ ਵੱਲੋਂ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਨਿਰਾਦਰ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਨਯੋਗ ਹੈ। ਉਹਨਾਂ ਆਖਿਆ ਕਿ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਣੀ ਗਲਤੀ ਸਵੀਕਾਰ ਕਰਨ ਦੀ ਥਾਂ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ। ਮਤੇ ਵਿੱਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਣਾ ਹਰ ਸਿੱਖ ਦਾ ਧਾਰਮਿਕ ਤੇ ਕੌਮੀ ਫਰਜ਼ ਹੈ। ਸ੍ਰੀ ਅਕਾਲ ਤਖਤ ਦੇ ਸਰਵਉੱਚਤਾ ਨੂੰ ਕਿਸੇ ਵੀ ਰਾਜਸੀ ਤਾਕਤ, ਸਰਕਾਰ ਜਾਂ ਵਿਅਕਤੀ ਵੱਲੋਂ ਚੁਣੌਤੀ ਦੇਣਾ ਖਾਲਸਾ ਪੰਥ ਦੀਆਂ ਪਰੰਪਰਾਵਾਂ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਿਆਦਾ ਦੇ ਉਲਟ ਹੈ, ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰੇਗੀ।
ਦੱਸ ਦਈਏ ਕਿ ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੱਦਿਆ ਗਿਆ ਪੰਥਕ ਇਕੱਠ ਅੱਜ ਸਵੇਰੇ ਲਗਭਗ 11 ਵਜੇ ਸ਼ੁਰੂ ਹੋ ਗਿਆ ਸੀ। ਇਸ ਅਹਿਮ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਪੰਥਕ ਇਕੱਠ ਦੌਰਾਨ, ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਸੁਣਾਏ ਗਏ ਫ਼ੈਸਲੇ ਦੀ ਰੋਸ਼ਨੀ ਵਿੱਚ ਹੀ ਪੰਥਕ ਜਥੇਬੰਦੀਆਂ ਵੱਲੋਂ ਮੁੜ ਪਹਿਲੇ ਮਤੇ ਉੱਤੇ ਹੀ ਮੋਹਰ ਲਗਾਈ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਏ ਇਸ ਪੰਥਕ ਇਕੱਠ ਵਿੱਚ, ਜਥੇਬੰਦੀਆਂ ਵੱਲੋਂ ਦਿੱਤੇ ਗਏ ਵਿਚਾਰਾਂ ਦੇ ਆਧਾਰ ’ਤੇ ਵਾਇਰਲ ਵਿਵਾਦਤ ਵੀਡੀਓ ਮਾਮਲੇ ਵਿੱਚ ਕੋਈ ਸਾਂਝੀ ਰਾਏ ਕਾਇਮ ਕੀਤੀ ਗਈ।